ਚੰਡੀਗੜ੍ਹ 5 ਅਗਸਤ 2025 — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪਾਰਟੀ ਦੀ ਇੱਕ ਐਮਰਜੈਂਸੀ ਮੀਟਿੰਗ 7 ਅਗਸਤ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿੱਚ ਬੁੁਲਾ ਲਈ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕੋਰ ਕਮੇਟੀ, ਵਰਕਿੰਗ ਕਮੇਟੀ, ਜਿਲਾ ਜਥੇਦਾਰ ਸਹਿਬਾਨ ਅਤੇ ਹਲਕਾ ਇੰਚਾਰਜ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਟੀਮ ਦੇ ਹੁਕਮਾਂ ਤਹਿਤ ਪੰਜਾਬ ਦੀ 65000 ਏਕੜ ਉਪਜਾਉ ਜ਼ਮੀਨ ਨੂੰ ਜ਼ਬਰੀ ਹਥਿਆ ਕੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕੰਗਾਲ ਕਰਨ ਦੀ ਸਾਜਿਸ਼ ਨੂੰ ਰੋਕਣ ਵਾਸਤੇ ਅਤੇ ਪੰਜਾਬ ਦੀ ਜ਼ਮੀਨ ਨੂੰ ਬਚਾਉਣ ਵਾਸਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਸਬੰਧੀ ਰਣਨੀਤੀ ਉਲੀਕੀ ਜਾਵੇਗੀ।
ਉਪਰੋਕਤ ਤੋਂ ਇਲਾਵਾ ਸੂਬੇ ਵਿੱਚ ਅਮਨ ਕਾਨੂੰਨ ਦੀ ਮਾੜੀ ਹਾਲਤ, ਬਲਾਕ ਸੰਮਤੀਆਂ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਤੋਂ ਇਲਾਵਾ ਦੇਸ਼ ਅਤੇ ਸੂਬੇ ਦੇ ਮੌਜੂਦਾ ਰਾਜਨੀਤਕ ਸਥਿਤੀ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

