- ਮੁੱਖ ਮੰਤਰੀ ਨੇ ਸੇਵਾ ਕੇਂਦਰਾਂ ਵਿੱਚੋਂ 56 ਨਵੀਆਂ ਸੇਵਾਵਾਂ ਦੀ ਕੀਤੀ ਸ਼ੁਰੂਆਤ
- ਪ੍ਰਸ਼ਾਸਨਿਕ ਸੁਧਾਰ ਤਹਿਤ ਅਜਿਹੀ ਪ੍ਰਣਾਲੀ ਵਿਕਸਤ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ
ਚੰਡੀਗੜ੍ਹ, 9 ਫਰਵਰੀ 2021 – ਮੁੱਖ ਮੰਤਰੀ ਪੰਜਾਬ ਵੱਲੋਂ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਆਨਲਾਈਨ ਸ਼ੁਰੂਆਤ ਕੀਤੇ ਜਾਣ ਤੋਂ ਕੁੱਝ ਸਮਾਂ ਬਾਅਦ ਅੱਜ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਪੰਜ ਨਾਗਰਿਕਾਂ ਨੂੰ ਨਵੀਆਂ ਸੇਵਾਵਾਂ ਦੇ ਸਰਟੀਫਿਕੇਟ ਸੌਂਪੇ। ਇਨਾਂ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਦੇ ਨਾਲ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 271 ਤੋਂ ਵੱਧ ਕੇ 327 ਹੋ ਗਈ ਹੈ।
ਇਥੇ ਆਪਣੇ ਦਫ਼ਤਰ ਵਿਖੇ ਪਹਿਲੇ ਪੰਜ ਲਾਭਪਾਤਰੀਆਂ, ਮੋਹਾਲੀ ਦੇ ਧਰਯਾ ਅਗਰਵਾਲ ਤੇ ਲੋਹਗੜ ਦੇ ਨੀਰਜ ਕੁਮਾਰ (ਦੋਵੇਂ ਲਰਨਿੰਗ ਲਾਇਸੈਂਸ), ਮਾਜਰੀ ਦੇ ਆਸ਼ੂ ਜਲਾਲ (ਰਿਹਾਇਸ਼ੀ ਪ੍ਰਮਾਣ-ਪੱਤਰ), ਖਰੜ ਦੇ ਇੰਦਰਪ੍ਰੀਤ ਸਿੰਘ ਅਤੇ ਮਾਜਰੀ ਦੇ ਰਮਨਦੀਪ ਰਾਠੌਰ (ਦੋਵੇਂ ਮੈਰਿਜ ਸਰਟੀਫਿਕੇਟ), ਨੂੰ ਸਰਟੀਫਿਕੇਟ ਸੌਂਪਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ।
ਉਨਾਂ ਕਿਹਾ ਕਿ ਇਹ ਨਾਗਰਿਕਾਂ ਨੂੰ ਨਿਰਵਿਘਨ ਢੰਗ ਨਾਲ ਸੇਵਾਵਾਂ ਦੇਣ ਦੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ ਅਤੇ ਨਾਗਰਿਕ ਇੱਕ ਛੱਤ ਹੇਠ ਸਾਰੀਆਂ ਜ਼ਰੂਰੀ ਸੇਵਾਵਾਂ ਲੈ ਸਕਣਗੇ। ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾਈ ਸਰਕਾਰ ਲੋਕਾਂ ਨੂੰ ਸਮਾਂਬੱਧ ਅਤੇ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ ਜਨਤਕ ਸੇਵਾ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।
ਮੁੱਖ ਸਕੱਤਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਹੋਰ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਲੋਕਾਂ ਨੂੰ ਉਨਾਂ ਦੇ ਘਰ ਨੇੜੇ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਤਹਿਤ ਲੋਕਾਂ ਦੀ ਸੌਖ ਵਾਸਤੇ ਅਜਿਹੀ ਪ੍ਰਣਾਲੀ ਵਿਕਸਤ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਲੋਕਾਂ ਨੂੰ ਉਨਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਹੋਰ ਸਹੂਲਤ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।