ਨਵੀਂ ਦਿੱਲੀ, 8 ਅਗਸਤ 2025 – ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਕੁਰੈਸ਼ੀ ਦਾ ਦਿੱਲੀ ਵਿੱਚ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਕਿੰਗ ਵਿਵਾਦ ਕਾਰਨ ਘਟਨਾ ਨੂੰ ਅੰਜ਼ਾਮ ਦਿਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਨੂੰ ਲਗਭਗ 11 ਵਜੇ ਨਿਜ਼ਾਮੂਦੀਨ ਦੇ ਜੰਗਪੁਰਾ ਭੋਗਲ ਲੇਨ ਵਿੱਚ ਵਾਪਰੀ। ਕਤਲ ਦੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮੀਡੀਆ ਰਿਪੋਰਟ ਦੇ ਅਨੁਸਾਰ ਆਸਿਫ ਕੁਰੈਸ਼ੀ ਦਾ ਵੀਰਵਾਰ ਦੇਰ ਰਾਤ ਸਕੂਟੀ ਨੂੰ ਗੇਟ ਦੇ ਸਾਹਮਣੇ ਤੋਂ ਹਟਾ ਕੇ ਸਾਈਡ ‘ਤੇ ਪਾਰਕ ਕਰਨ ਨੂੰ ਲੈ ਕੇ ਕੁਝ ਲੋਕਾਂ ਨਾਲ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ, ਆਸਿਫ਼ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਆਸਿਫ਼ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮਾਮੂਲੀ ਗੱਲ ਨੂੰ ਲੈ ਕੇ ਉਸ ‘ਤੇ ਬੇਰਹਿਮੀ ਨਾਲ ਹਮਲਾ ਕੀਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਤੋਂ ਬਾਅਦ ਫਰਾਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਗੇ ਦੀ ਜਾਂਚ ਜਾਰੀ ਹੈ।


