ਚੰਡੀਗੜ੍ਹ, 13 ਅਗਸਤ 2025: ਲੁਧਿਆਣਾ ਜ਼ਿਮਨੀ ਚੋਣ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਜਿਸ ਤੋਂ ਬਾਅਦ ਲੁਧਿਆਣਾ ਤੋਂ ਜਸਵਿੰਦਰ ਮੱਲ੍ਹੀ ਨਾਮ ਦੇ ਵਿਅਕਤੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ 13 ਅਗਸਤ ਨੂੰ ਹੋਣੀ ਹੈ। ਡਾ. ਜਸਵਿੰਦਰ ਸਿੰਘ ਮੱਲ੍ਹੀ ਵੱਲੋਂ ਆਪਣੇ ਵਕੀਲ ਐਡਵੋਕੇਟ ਸਿਮਰਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਵਿੱਜ ਰਾਹੀਂ ਇਸ ਚੋਣ ਨੂੰ ਚੁਣੌਤੀ ਦਿੱਤੀ ਗਈ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਰੋੜਾ ਨੇ ਚੋਣਾਂ ਸਮੇਂ ਆਪਣੇ ਨਾਲ ਜੁੜੀਆਂ ਕਈ ਜਾਣਕਾਰੀਆਂ ਲੁਕਾਈਆਂ ਸਨ। ਲੁਧਿਆਣਾ ਦੇ ਜਸਵਿੰਦਰ ਮੱਲ੍ਹੀ ਨੇ ਸੰਜੀਵ ਅਰੋੜਾ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਦੋਸ਼ ਹੈ ਕਿ ਸੰਜੇ ਅਰੋੜਾ ਨੇ ਚੋਣ ‘ਤੇ ਨਿਰਧਾਰਤ ਸੀਮਾ ਤੋਂ ਵੱਧ ਖਰਚ ਕੀਤਾ। ਉਨ੍ਹਾਂ ਨੇ ਆਪਣੀ ਆਮਦਨ ਦੀ ਜਾਣਕਾਰੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤੀ। ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ। ਇਸ ਦੇ ਨਾਲ ਹੀ ਕਰੋੜਾਂ ਰੁਪਏ ਖਰਚ ਕੀਤੇ ਗਏ, ਜੋ ਕਿ 40 ਲੱਖ ਦੀ ਸੀਮਾ ਤੋਂ ਕਿਤੇ ਵੱਧ ਹਨ।
ਜਸਵਿੰਦਰ ਮੱਲ੍ਹੀ ਦੇ ਵਕੀਲਾਂ ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਕਿ ਇਹ ਮਾਮਲਾ ਸਿਰਫ਼ ਖਰਚਿਆਂ ਨੂੰ ਲੁਕਾਉਣ ਬਾਰੇ ਨਹੀਂ ਹੈ, ਸਗੋਂ ਗੈਰ-ਕਾਨੂੰਨੀ ਪ੍ਰਚਾਰ ਰਣਨੀਤੀਆਂ ਅਤੇ ਭ੍ਰਿਸ਼ਟ ਆਚਰਣ ਬਾਰੇ ਹੈ। ਉਨ੍ਹਾਂ ਨੇ ਅਦਾਲਤ ਵਿੱਚ ਦਸਤਾਵੇਜ਼ੀ ਸਬੂਤ ਪੇਸ਼ ਕੀਤੇ ਹਨ, ਜੋ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਦੇ ਹਨ। ਮੱਲ੍ਹੀ ਦੇ ਬੁਲਾਰੇ ਨੇ ਕਿਹਾ ਕਿ ਚੋਣਾਂ ਵਿੱਚ ਖਰਚ ਸੀਮਾ ਦੀ ਉਲੰਘਣਾ ਲੋਕਤੰਤਰ ਦੀ ਨੀਂਹ ਨੂੰ ਕਮਜ਼ੋਰ ਕਰਦੀ ਹੈ। ਇਹ ਪਟੀਸ਼ਨ ਜਵਾਬਦੇਹੀ ਯਕੀਨੀ ਬਣਾਉਣ ਲਈ ਦਾਇਰ ਕੀਤੀ ਗਈ ਹੈ।

