ਜਲੰਧਰ, 21 ਅਗਸਤ 2025 – ਪੰਜਾਬ ਭਾਜਪਾ ਦੇ ਆਗੂ ਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਮਿਲੀ ਜਾਣਕਰੀ ਅਨੁਸਾਰ ਸੁਸ਼ੀਲ ਰਿੰਕੂ ਨੂੰ ਆਦਮਪੁਰ ਤੋਂ ਤੇ ਕੇ. ਡੀ. ਭੰਡਾਰੀ ਨੂੰ ਸ਼ਾਹਕੋਟ ਤੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਲੀਡਰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਕੈਂਪ ਲਗਾਉਣ ਲਈ ਪਹੁੰਚੇ ਸਨ। ਇਨ੍ਹਾਂ ਤੋਂ ਬਿਨਾਂ ਹੋਰ ਵੀ ਕਈ ਥਾਵਾਂ ਤੋਂ ਪੰਜਾਬ ਬੀਜੇਪੀ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ।
ਇੱਥੇ ਇਹ ਦੱਸ ਦਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਭੇਜ ਕੇ ਨਿਰਦੇਸ਼ ਜਾਰੀ ਕੀਤੇ ਸਨ ਕਿ ਜਿਹੜਾ ਵੀ ਵਿਅਕਤੀ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦਾ ਡਾਟਾ ਇਕੱਠਾ ਕਰ ਰਿਹਾ ਹੋਵੇ, ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਪੱਤਰ ਵਿਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਸਰਕਾਰੀ ਜਾਣਕਾਰੀ ਸਿਰਫ ਉਨ੍ਹਾਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਤ ਪ੍ਰਵਾਨਗੀ ਜਾਂ ਮਾਨਤਾ ਪ੍ਰਾਪਤ ਹੈ।
ਪੰਜਾਬ ਪੁਲਿਸ ਦੀ ਇਸ ਕਰਵਾਈ ਨੂੰ ਭਾਜਪਾ ਨੇ ਸਰਕਾਰ ਦੀ ਤਾਨਾਸ਼ਾਹੀ ਕਿਹਾ ਹੈ, ਜਦੋਂ ਕਿ ‘ਆਪ’ ਸਰਕਾਰ ਨੇ ਇਸਨੂੰ ਲੋਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਲਈ ਚੁੱਕਿਆ ਗਿਆ ਕਦਮ ਦੱਸਿਆ ਹੈ। ਹਾਲ ਹੀ ਵਿੱਚ, ਭਾਜਪਾ ਦੁਆਰਾ ਜਨਤਕ ਸਹੂਲਤਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਵਾਇਆ ਗਿਆ ਸੀ। ਨਵੇਂ ਪੱਤਰ ਦੇ ਅਨੁਸਾਰ, ਹੁਣ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਕੈਂਪ ਜਾਂ ਗਤੀਵਿਧੀ ਨਹੀਂ ਕੀਤੀ ਜਾ ਸਕਦੀ। ਇਸ ਤਰ੍ਹਾਂ ਆਮ ਲੋਕਾਂ ਦੀ ਨਿੱਜੀ ਜਾਣਕਾਰੀ ਤੇ ਡਾਟਾ ਚੋਰੀ ਹੋਣ ਜਾਂ ਵੇਚਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।

