ਮੋਹਾਲੀ, 22 ਅਗਸਤ 2025 – ਸੂਤਰਾਂ ਤੋਂ ਮਿਲੀ ਵੱਡੀ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਜਾ ਰਹੀ ਹੈ। ਇਹ ਚਾਰਜਸ਼ੀਟ ਲਗਭਗ 40 ਹਜ਼ਾਰ ਪੰਨਿਆਂ ‘ਤੇ ਅਧਾਰਿਤ ਹੈ ਅਤੇ ਇਸ ਵਿੱਚ ₹700 ਕਰੋੜ ਤੋਂ ਵੱਧ ਦੀ ਗੈਰ-ਕਾਨੂੰਨੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਗਿਆ ਹੈ।
ਦੱਸ ਦਈਏ ਕਿ ਵਿਜੀਲੈਂਸ ਦੀ ਜਾਂਚ ਦੌਰਾਨ 200 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 400 ਬੈਂਕ ਖਾਤਿਆਂ ਦੀ ਜਾਂਚ ਰਿਪੋਰਟ ਚਾਰਜਸ਼ੀਟ ਵਿੱਚ ਸ਼ਾਮਲ ਕੀਤੀ ਗਈ ਹੈ। ਉੱਥੇ ਹੀ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ 15 ਵੱਖ-ਵੱਖ ਸਥਾਨਾਂ ‘ਤੇ ਛਾਪੇਮਾਰੀ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਹੋਈ ਹੈ।
ਖ਼ਾਸ ਗੱਲ ਇਹ ਹੈ ਕਿ ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਹਨ। ਵਿਜੀਲੈਂਸ ਟੀਮ ਨੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹੀ ਇਹ ਕਾਰਵਾਈ ਅੱਗੇ ਵਧਾਈ ਹੈ। ਇਸ ਕੇਸ ਨੂੰ ਰਾਜਨੀਤਿਕ ਪੱਧਰ ‘ਤੇ ਬਹੁਤ ਹੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਚਾਰਜਸ਼ੀਟ ਦਾਖ਼ਲ ਹੋਣ ਨਾਲ ਕੇਸ ਦੀ ਕਾਰਵਾਈ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਕੀਤੀ ਹੈ, ਜਿਸ ਵਿੱਚ ਮਜੀਠੀਆ ਦੀ ਸੰਪਤੀ ਅਤੇ ਆਮਦਨ ਨਾਲ ਜੁੜੀਆਂ ਕਈਆਂ ਅਹਿਮ ਜਾਣਕਾਰੀਆਂ ਦਰਜ ਹਨ।
