ਚੰਡੀਗੜ੍ਹ, 23 ਅਗਸਤ 2025 – ਹੁਸ਼ਿਆਰਪੁਰ ਵਿੱਚ, ਸ਼ੁੱਕਰਵਾਰ ਰਾਤ ਨੂੰ, ਇੱਕ ਸਬਜ਼ੀ ਨਾਲ ਭਰੀ ਪਿਕਅੱਪ ਨਾਲ ਟਕਰਾਉਣ ਤੋਂ ਬਾਅਦ ਇੱਕ ਐਲਪੀਜੀ ਟੈਂਕਰ ‘ਚ ਬਲਾਸਟ ਹੋ ਗਿਆ। ਇਸ ਤੋਂ ਬਾਅਦ, ਇਸ ਵਿੱਚ ਅੱਗ ਲੱਗ ਗਈ। ਗੈਸ ਲੀਕ ਹੋਣ ਕਾਰਨ, ਅੱਗ ਨੇ ਆਲੇ ਦੁਆਲੇ ਦੇ ਖੇਤਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਵਿੱਚ 15 ਦੁਕਾਨਾਂ ਅਤੇ 4 ਘਰ ਸੜ ਗਏ। ਐਸਡੀਐਮ ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। 23 ਲੋਕ ਸੜ ਗਏ ਹਨ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੁੱਖ ਪ੍ਰਗਟ ਕੀਤਾ ਹੈ, ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।”

