- ਇਲਾਜ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
- ਮੰਡਿਆਲਾ ਹਾਦਸੇ ਵਿਚ ਹੋਏ ਨੁਕਸਾਨ ਦਾ ਮੁਆਵਜ਼ਾ ਜਲਦੀ ਹੀ ਯਕੀਨੀ ਬਣਾਇਆ ਜਾਵੇਗਾ : ਸੰਸਦ ਮੈਂਬਰ ਡਾ. ਚੱਬੇਵਾਲ
- ਰਾਜ ਸਰਕਾਰ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹੀ ਹੈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 23 ਅਗਸਤ 2025 – ਬੀਤੀ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਪਿੰਡ ਮੰਡਿਆਲਾ ਨੇੜੇ ਹੋਏ ਭਿਆਨਕ ਸੜਕ ਹਾਦਸੇ ਅਤੇ ਉਸ ਤੋਂ ਬਾਅਦ ਐਲ.ਪੀ.ਜੀ ਟੈਂਕਰ ਦੇ ਧਮਾਕੇ ਵਿਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੁਖਦਾਈ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸ਼ਨੀਵਾਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਹਾਦਸਾ ਬਹੁਤ ਦਰਦਨਾਕ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੱਲ੍ਹ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਉਨ੍ਹਾਂ ਹਸਪਤਾਲ ਵਿਚ ਡਾਕਟਰੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।
ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰ ਅਤੇ ਸਟਾਫ਼ ਪੂਰੀ ਤਨਦੇਹੀ ਨਾਲ ਜ਼ਖਮੀਆਂ ਦੇ ਇਲਾਜ ਵਿਚ ਲੱਗੇ ਹੋਏ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਦੇਵੇਗੀ। ਇਸ ਦੇ ਨਾਲ ਹੀ, ਹਾਦਸੇ ਵਿਚ ਜਿਨ੍ਹਾਂ ਪਰਿਵਾਰਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਲਈ ਢੁਕਵਾਂ ਮੁਆਵਜ਼ਾ ਵੀ ਯਕੀਨੀ ਬਣਾਇਆ ਜਾਵੇਗਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਲੋਕਾਂ ਦੇ ਦੁੱਖ ਅਤੇ ਦਰਦ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਪੀੜਤਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸੰਵੇਦਨਸ਼ੀਲਤਾ ਅਤੇ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਹਰ ਤਰ੍ਹਾਂ ਦੀ ਮਦਦ ਮਿਲ ਸਕੇ।
ਤਿੰਨੋਂ ਜਨ ਪ੍ਰਤੀਨਿਧੀਆਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਇਲਾਜ ਵਿਚ ਸਭ ਤੋਂ ਵਧੀਆ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਡਾ. ਕੁਲਦੀਪ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
