ਚੰਡੀਗੜ੍ਹ, 28 ਅਗਸਤ 2025 – ਪੰਜਾਬ ਵਿਚ ਆਏ ਹੜ੍ਹਾਂ ਨੂੰ ਦੇਖਦਿਆਂ ਪੰਜਾਬ ਵਿਚ ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਜਨ ਭਲਾਈ ਕੈਂਪ ਮੁਲਤਵੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਦਿੱਤੀ ਹੈ। ਜਾਖੜ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਆਮ ਹੁੰਦੇ ਹੀ, ਪੰਜਾਬ ਵਿਚ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਯੋਜਨਾਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਫਿਰ ਤੋਂ ਸੂਬੇ ਭਰ ਵਿਚ ਕੈਂਪ ਲਗਾਏ ਜਾਣਗੇ।
ਸੂਤਰਾਂ ਮੁਤਾਬਕ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਜੋ ਹਾਲਾਤ ਬਣੇ ਹੋਏ ਹਨ, ਇਸ ਨੂੰ ਦੇਖਦੇ ਹੋਏ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲਿਹਾਜ਼ਾ ਇਹ ਸਮਾਜ ਭਲਾਈ ਕੈਂਪ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੇ ਗਏ ਹਨ। ਜਿਵੇਂ ਹੀ ਹਾਲਾਤ ਅਨੁਕੂਲ ਹੋਣਗੇ ਤਾਂ ਇਹ ਕੈਂਪ ਮੁੜ ਤੋਂ ਲਗਾਏ ਜਾਣਗੇ।

