ਚੰਡੀਗੜ੍ਹ, 29 ਅਗਸਤ 2025 – ਭਾਰੀ ਬਰਸਾਤ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲਾਂ ਵਿਚ 30 ਅਗਸਤ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਵਿਚਾਲੇ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਕੂਲਾਂ ਨੂੰ ਛੁੱਟੀਆਂ ਵੱਧ ਸਕਦੀਆਂ ਹਨ। ਹਾਲਾਂਕਿ ਵਿਭਾਗ ਵੱਲੋਂ ਅਜੇ ਤਕ ਛੁੱਟੀਆਂ ਵਿਚ ਵਾਧੇ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਪਰ ਸੂਤਰ ਦੱਸਦੇ ਹਨ ਕਿ ਜੇਕਰ ਮੌਸਮ ਖਰਾਬ ਰਹਿੰਦਾ ਹੈ ਤੇ ਆਉਂਦੇ ਦਿਨਾਂ ਵਿਚ ਮੁੜ ਮੀਂਹ ਜ਼ੋਰ ਫੜਦਾ ਹੈ ਤਾਂ ਸਰਕਾਰ ਵੱਲੋਂ ਬੱਚਿਆਂ ਦੀ ਸਹੂਲਤ ਨੂੰ ਦੇਖਦੇ ਹੋਏ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਦੂਜੇ ਪਾਸੇ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਣ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਅਤੇ ਫਿਰੋਜ਼ਪੁਰ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਜਦਕਿ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ‘ਚ ਵੀ ਹਾਲਾਤ ਵਿਗੜ ਰਹੇ ਹਨ।
ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 29 ਅਗਸਤ ਤੋਂ 1 ਸਤੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਦਰਮਿਆਨੇ ਤੋਂ ਭਾਰੀ ਮੀਂਹ ਪਵੇਗਾ, ਜਿਸ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 29 ਅਗਸਤ ਨੂੰ ਮੀਂਹ ਦੇ ਹਾਲਾਤ ਗੰਭੀਰ ਹੋ ਸਕਦੇ ਹਨ, ਕਿਉਂਕਿ ਇਸ ਸਮੇਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿਚ ਦਰਮਿਆਨੀ ਤੋਂ ਭਾਰੀ ਬਰਸਾਤ ਹੋ ਸਕਦੀ ਹੈ।

