ਚੰਡੀਗੜ੍ਹ, 2 ਸਤੰਬਰ 2025 – ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਜਲੰਧਰ ਲਈ ਵੀ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਅੱਜ ਵੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਉੱਥੇ ਹੀ ਇਸ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ‘ਚ ਹੜ੍ਹਾਂ ਦੇ ਹਾਲਾਤ ਨੂੰ ਦੇਖਦੇ ਹੋਏ 530 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ ਗੱਲ ਕੀਤੀ ਸੀ ਅਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।

