ਚੰਡੀਗੜ੍ਹ, 11 ਸਤੰਬਰ 2025 – ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਜਾਣ ਦੇ ਬਾਵਜੂਦ, ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਚੰਗਾ ਕੰਮ ਕਰਨ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਦੇ ਹੜ੍ਹ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦੌਰਾਨ, ਮੁੱਖ ਮੰਤਰੀ ਨੇ ਪੁੱਛਿਆ ਕਿ ਤੁਸੀਂ ਕਿਵੇਂ ਹੋ, ਇਸ ‘ਤੇ ਮਨਕੀਰਤ ਨੇ ਕਿਹਾ ਕਿ ਚੜ੍ਹਦੀ ਕਲਾਂ।
ਇਸ ਮੌਕੇ ਮਨਕੀਰਤ ਔਲਖ ਸੀਐੱਮ ਨੂੰ ਅਪੀਲ ਕੀਤੀ ਕਿ ਉਹ ਛੋਟੋ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤਾਂ ਕਿ ਕੁਝ ਬੋਝ ਹਲਕਾ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਕਰਜਾ ਮੁਆਫ ਕਰਨ ਉੱਤੇ ਵਿਚਾਰ ਕਰ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਂ ਛੇਤੀ ਆਵਾਂਗਾ ਲੋਕਾਂ ਕੋਲ, ਕੋਈ ਚੁੱਲ੍ਹਾ ਬੁਝਣ ਨਹੀਂ ਦੇਣਾ।

ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਯੋਗਦਾਨ ਪਾ ਰਹੇ ਹਨ। ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਕੁਦਰਤੀ ਕਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਬਹੁਤ ਸਹਾਈ ਸਾਬਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿਖਾਈ ਗਈ ਦਰਿਆਦਿਲੀ ਯਕੀਨੀ ਤੌਰ ‘ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹੜ੍ਹ ਕਾਰਨ ਰਾਸ਼ਟਰੀ ਰਾਜਮਾਰਗ ਨੂੰ ਹੋਏ ਨੁਕਸਾਨ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ, ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਹਾਈਵੇਅ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਿਆ ਜਾਣਾ ਚਾਹੀਦਾ ਹੈ। ਭਵਿੱਖ ਵਿੱਚ ਇਨ੍ਹਾਂ ਚੀਜ਼ਾਂ ਨੂੰ ਰੋਕਣ ਲਈ ਯੋਜਨਾ ਤਿਆਰ ਕਰੋ।
ਇਸ ਦੌਰਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਨਾਲ ਭਰੇ 20 ਟਰੱਕ ਭੇਜੇ। ਇਨ੍ਹਾਂ ਵਿੱਚ ਖਾਣ-ਪੀਣ ਦੀਆਂ ਵਸਤਾਂ, ਜਾਨਵਰਾਂ ਲਈ ਚਾਰਾ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ। ਹਰਿਆਣਾ ਪਹਿਲਾਂ ਹੀ ਰਾਹਤ ਸਮੱਗਰੀ ਦੇ 15 ਟਰੱਕ ਭੇਜ ਚੁੱਕਾ ਹੈ।
ਮੰਗਲਵਾਰ ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਰਾਜ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਕੀਤਾ ਹੈ। ਬਾਕੀ ਰਕਮ ਵੱਖ-ਵੱਖ ਏਜੰਸੀਆਂ ਦੁਆਰਾ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ। ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ। ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ।
