- ਕਿਹਾ; ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਅੰਮ੍ਰਿਤਸਰ, 16 ਸਤੰਬਰ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ।
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਅਵੱਸ਼ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰਾਂ ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਮਨਜੀਤ ਸਿੰਘ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਮਲਕੀਤ ਸਿੰਘ ਚੰਗਾਲ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ, ਐਸਜੀਪੀਸੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰੂਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਜੀ ਸਾਹਿਬ ਰਮਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰਪਾਓ ਦੇ ਕੇ ਸਿੱਖਾਂ ਦੇ ਅੱਲੇ ਜ਼ਖਮਾਂ ਤੇ ਨਮਕ ਪਾਇਆ ਹੈ। ਗਾਂਧੀ ਪਰਿਵਾਰ ਜਿਸ ਨੇ ਆਪਣੇ ਸੱਤਾ ਦੇ ਨਸ਼ੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ ਢੇਰੀ ਕੀਤਾ, ਦਿੱਲੀ ਦੇ ਹੋਈ ਸਿੱਖ ਨਸਲਕੁਸ਼ੀ ਦੇ ਜ਼ਿੰਮੇਵਾਰ ਅਤੇ ਦੋਸ਼ੀ ਗਾਂਧੀ ਪਰਿਵਾਰ ਦੇ ਫਰਜ਼ੰਦ ਰਾਹੁਲ ਗਾਂਧੀ ਨੂੰ ਸਿਰਪਾਓ ਦੇਣਾ, ਅਤੇ ਓਹ ਵੀ ਐਸਜੀਪੀਸੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬ ਵਿੱਚ ਦੇਣਾ ਇਸ ਤੋਂ ਵੱਧ ਸਿੱਖ ਕੌਮ ਲਈ ਸ਼ਰਮਨਾਕ ਗੱਲ ਕੋਈ ਹੋ ਨਹੀਂ ਸਕਦੀ।

