ਚੰਡੀਗੜ੍ਹ, 3 ਅਕਤੂਬਰ 2025 – ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਦੇ ਚੰਗੇ ਨਤੀਜੇ ਦਿਖਾਈ ਦੇ ਰਹੇ ਹਨ। ਪਹਿਲੀ ਵਾਰ ਦੁਸਹਿਰੇ ’ਤੇ ਸ਼ਾਮ 5 ਵਜੇ ਤੱਕ ਸੂਬੇ ਵਿੱਚ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਜਦੋਂ ਕਿ ਪਿਛਲੇ ਸਾਲਾਂ ਵਿੱਚ ਦੁਸਹਿਰੇ ਦੀ ਆੜ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ।
ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਪਿਛਲੇ ਸਾਲ 2024 ਦੇ ਮੁਕਾਬਲੇ ਅੱਜ ਦੀ ਤਰੀਕ ਤੱਕ 50 ਫ਼ੀਸਦ ਦੀ ਕਮੀ ਆਈ ਹੈ। ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਪਿਛਲੇ ਸਾਲ 3 ਅਕਤੂਬਰ ਤੱਕ ਪਰਾਲੀ ਸਾੜਨ ਦੇ 171 ਮਾਮਲੇ ਸਾਹਮਣੇ ਆਏ ਸਨ। ਜਦੋਂ ਕਿ ਹੁਣ ਤੱਕ ਇਸ ਸਾਲ ਸਿਰਫ 95 ਮਾਮਲੇ ਹੀ ਸਾਹਮਣੇ ਆਏ ਹਨ। ਉੱਥੇ ਹੀ ਹੁਸ਼ਿਆਰਪੁਰ ‘ਚ 2, ਸੰਗਰੂਰ ‘ਚ 2 ਬਠਿੰਡਾ ‘ਚ 1, ਜਲੰਧਰ ‘ਚ 1 ਅਤੇ ਮੋਹਾਲੀ ‘ਚ ਵੀ ਸਿਰਫ ਇੱਕ ਮਾਮਲਾ ਦਰਜ ਕੀਤਾ ਗਿਆ ਹੈ।
ਇਸੇ ਤਰ੍ਹਾਂ ਸਾਲ 2023 ਵਿੱਚ 24 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਪਰਾਲੀ ਸਾੜਨ ਦੇ 360 ਮਾਮਲੇ ਸਾਹਮਣੇ ਆਏ ਸਨ। 5 ਅਕਤੂਬਰ, 2022 ਨੂੰ ਦੁਸਹਿਰੇ ਵਾਲੇ ਦਿਨ ਪਰਾਲੀ ਸਾੜਨ ਦੇ 130 ਮਾਮਲੇ ਸਾਹਮਣੇ ਆਏ ਸਨ। ਇਸੇ ਤਰ੍ਹਾਂ 15 ਅਕਤੂਬਰ, 2021 ਨੂੰ ਰਾਜ ਵਿੱਚ ਪਰਾਲੀ ਸਾੜਨ ਦੇ ਕੁੱਲ 660 ਮਾਮਲੇ ਸਾਹਮਣੇ ਆਏ ਸਨ, ਜੋ ਕਿ ਦੁਸਹਿਰੇ ਤੱਕ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਹਨ। ਇਸ ਸਾਲ 15 ਸਤੰਬਰ ਨੂੰ 15 ਦਿਨ ਪਹਿਲਾਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਦੁਸਹਿਰੇ ਵਾਲੇ ਦਿਨ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ।

