ਮੋਹਾਲੀ, 4 ਅਕਤੂਬਰ 2025 – ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਫੇਰ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਮਜੀਠੀਆ ਦੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਨਿਆਂਇਕ ਹਿਰਾਸਤ ‘ਚ 18 ਅਕਤੂਬਰ ਤੱਕ ਵਾਧਾ ਕਰ ਦਿੱਤਾ ਹੈ। ਅੱਜ ਬਿਕਰਮ ਮਜੀਠੀਆ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ੀ ਪਈ ਸੀ।
ਦੱਸ ਦਈਏ ਕਿ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਨੂੰ ਜੂਨ 2025 ਵਿਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ। ਜਾਂਚ ਏਜੰਸੀਆਂ ਨੇ ਇਸ ਮਾਮਲੇ ਵਿੱਚ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਹੈ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਮਜੀਠੀਆ ਗ੍ਰਿਫਤਾਰੀ ਤੋਂ ਬਾਅਦ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।

