ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

  • ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ

ਅੰਮ੍ਰਿਤਸਰ, 7 ਅਕਤੂਬਰ 2025 – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ।

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।

ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਸ. ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਡੀਸੀਪੀ ਸ. ਜਗਜੀਤ ਸਿੰਘ ਵਾਲੀਆ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਅਮਰਬੀਰ ਸਿੰਘ ਢੋਟ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਰਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਅਗਵਾਈ ਤੇ ਪ੍ਰੇਰਣਾ ਦਿੱਤੀ।

ਉਨ੍ਹਾਂ ਸਿੱਖ ਜਗਤ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ