ਤਰਨਤਾਰਨ ਜ਼ਿਮਨੀ ਚੋਣ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

  • ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਤੇ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਦੀਆਂ ਹਦਾਇਤਾਂ
  • ਸਰਹੱਦੀ ਜ਼ਿਲ੍ਹਾ ਹੋਣ ਕਰਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਨਿਰਦੇਸ਼
  • ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰੇ ਲਾਉਣ ਦੇ ਹੁਕਮ; 6 ਨਾਕੇ ਹੁਣ ਤੋਂ ਹੀ ਕਾਰਜਸ਼ੀਲ

ਚੰਡੀਗੜ੍ਹ, 10 ਅਕਤੂਬਰ 2025 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਵਧੇਰੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੋਟਾਂ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ।

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਸਿਬਿਨ ਸੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬਕਾਸਟਿੰਗ ਯਕੀਨੀ ਬਣਾਉਣ ਅਤੇ ਸਵੀਪ ਗਤੀਵਿਧੀਆਂ ਵਧਾਉਣ ਲਈ ਕਿਹਾ ਤਾਂ ਜੋ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਇਆ ਜਾ ਸਕੇ।

ਸਿਬਿਨ ਸੀ ਨੇ ਐੱਸਐੱਸਪੀ ਨੂੰ ਸਖ਼ਤੀ ਵਧਾਉਣ ਅਤੇ ਨਾਕਿਆਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਕੋਈ ਨਕਦੀ ਜਾਂ ਕਿਸੇ ਹੋਰ ਤਰ੍ਹਾਂ ਦਾ ਸਮਾਨ (ਫ੍ਰੀ ਬੀਜ਼) ਵੰਡਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੀ-ਵਿਜ਼ਿਲ ਐਪ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵੋਟਰ ਬਿਨਾਂ ਡਰ-ਭੈਅ ਦੇ ਇਸ ਐਪ ਉੱਤੇ ਸ਼ਿਕਾਇਤ ਦਰਜ ਕਰਵਾ ਸਕਣ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਐੱਸ.ਐੱਸ.ਪੀ ਨੇ ਦੱਸਿਆ ਕਿ ਵੋਟਿੰਗ ਲਈ ਕੁੱਲ 114 ਥਾਵਾਂ ਉੱਤੇ 222 (ਸ਼ਹਿਰੀ 60 ਅਤੇ ਪੇਂਡੂ 162) ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ ਹੁਣ ਤੱਕ 100 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਸਰਹੱਦ ਨੇੜਲੇ ਪਿੰਡਾਂ ਵਿੱਚ ਇੱਕ ਦਰਜਨ ਤੋਂ ਵੱਧ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਉੱਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 1435 ਪੁਲਿਸ ਮੁਲਾਜ਼ਮ ਅਤੇ ਹੋਰ ਸੁਰੱਖਿਆ ਬਲ ਤਾਇਨਾਤ ਕੀਤੇ ਜਾ ਚੁੱਕੇ ਹਨ।

ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬੰਦੋਬਸਤ ਮਜ਼ਬੂਤ ਕਰਨ ਦੇ ਮਕਸਦ ਨਾਲ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਨਾਲ ਲੱਗਦੀ ਸਰਹੱਦ ਉੱਤੇ 6 ਨਾਕੇ ਹੁਣ ਤੋਂ ਹੀ ਲਗਾ ਦਿੱਤੇ ਗਏ ਹਨ, ਜਿੱਥੇ 24 ਘੰਟੇ ਹਰ ਗਤੀਵਿਧੀ `ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। । ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਨੰਬਰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਉੱਤੇ ਨਜ਼ਰ ਰੱਖਣ ਲਈ 6 ਫਲਾਇੰਗ ਸਕੂਐਡ ਦੀਆਂ ਟੀਮਾਂ ਅਤਿ ਆਧੁਨਿਕ ਗੱਡੀਆਂ ਸਮੇਤ ਸੜਕਾਂ ਉੱਤੇ 24 ਘੰਟੇ ਨਿਗਰਾਨੀ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਹਲਕੇ ਵਿੱਚ 9 ਮਾਡਲ ਪੋਲਿੰਗ ਬੂਥ ਅਤੇ ਮਹਿਲਾਵਾਂ ਨੂੰ ਸਮਰਪਿਤ 3 ਪੋਲਿੰਗ ਬੂਥ ਬਣਾਏ ਜਾਣਗੇ। ਜ਼ਿਕਰਯੋਗ ਹੈ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ਼ ਵੋਟਰ ਅਤੇ 92,240 ਮਹਿਲਾ ਵੋਟਰ ਸ਼ਾਮਲ ਹਨ।

ਮੀਟਿੰਗ ਦੌਰਾਨ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ (ਐਸ.ਡੀ.ਐਮ. ਤਰਨ ਤਾਰਨ) ਤੋਂ ਇਲਾਵਾ ਸੀਈਓ ਦਫ਼ਤਰ ਤੇ ਜ਼ਿਲ੍ਹੇ ਦੇ ਹੋਰ ਅਧਿਕਾਰੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜ ਤੱਤਾਂ ‘ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ

ਕੀਰਤਪੁਰ ਸਾਹਿਬ ਵਿਖੇ ਤਾਰੇ ਗਏ ਰਾਜਵੀਰ ਜਵੰਦਾ ਦੇ ਫੁੱਲ, ਭਾਵੁਕ ਤਸਵੀਰਾਂ ਆਈਆਂ ਸਾਹਮਣੇ