ਚੰਡੀਗੜ੍ਹ, 14 ਅਕਤੂਬਰ 2025 – ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ ‘ਚ ਪੰਜਾਬ ਸਰਕਾਰ ਨੂੰ ਇਕ ਹੋਰ ਝਟਕਾ ਮਿਲ ਸਕਦਾ ਹੈ। ਦਰਅਸਲ ਬੀ. ਬੀ. ਐੱਮ. ਬੀ. ‘ਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਪੱਕੀ ਨੁਮਾਇੰਦਗੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ‘ਚ ਪੰਜਾਬ ਅਤੇ ਹਰਿਆਣਾ ਦੀ ਬੀ. ਬੀ. ਐੱਮ. ਬੀ. ਵਿੱਚੋਂ ਸਥਾਈ ਮੈਂਬਰੀ ਹਟਾ ਦਿੱਤੀ ਗਈ ਸੀ ਅਤੇ ਹੁਣ ਦੋ ਹੋਰ ਸੂਬਿਆਂ ਨੂੰ ਵੀ ਪੰਜਾਬ ਦੇ ਬਰਾਬਰ ਹਿੱਸੇਦਾਰੀ ਦੇਣ ਦਾ ਰਾਹ ਖੋਲ੍ਹਿਆ ਗਿਆ ਹੈ।
ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਬੀ. ਬੀ. ਐੱਮ. ਬੀ. ਦਾ ਸਭ ਤੋਂ ਵੱਡਾ ਖ਼ਰਚਾ ਝੱਲਦਾ ਹੈ, ਜਦਕਿ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਇਸ ‘ਚ ਮਾਮੂਲੀ ਹਿੱਸਾ ਪਾਉਂਦੇ ਹਨ। ਹੁਣ ਕੇਂਦਰ ਸਰਕਾਰ ਇਨ੍ਹਾਂ ਦੋਵੇਂ ਸੂਬਿਆਂ ਨੂੰ ਵੀ ਬਰਾਬਰ ਅਧਿਕਾਰ ਦੇਣ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਚਿੱਠੀ ਜਾਰੀ ਕਰਕੇ ਨਵੀਂ ਪ੍ਰਕਿਰਿਆ ਬਾਰੇ ਜਾਣੂੰ ਕਰਵਾਇਆ ਹੈ। ਪੱਤਰ ਅਨੁਸਾਰ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 79(2)(A) ‘ਚ ਸੋਧ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ, ਜਿਸ ਤਹਿਤ ਬੋਰਡ ਵਿੱਚ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ ਚਾਰ ਕੀਤੀ ਜਾਵੇਗੀ।
ਅਜੇ ਤੱਕ ਬੀ. ਬੀ. ਐੱਮ. ਬੀ. ਵਿੱਚ ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਸਥਾਈ ਮੈਂਬਰ ਹੁੰਦੇ ਸਨ। ਪੰਜਾਬ ਵੱਲੋਂ ਮੈਂਬਰ (ਪਾਵਰ) ਅਤੇ ਹਰਿਆਣਾ ਵੱਲੋਂ ਮੈਂਬਰ (ਸਿੰਚਾਈ)। ਹੁਣ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਵੀ ਸਥਾਈ ਪ੍ਰਤੀਨਿਧਤਾ ਦੇਣ ਦੀ ਯੋਜਨਾ ਹੈ। ਕੇਂਦਰ ਨੇ ਚਾਰਾਂ ਸੂਬਿਆਂ ਤੋਂ ਇਸ ਸੋਧ ਸਬੰਧੀ ਤਜਵੀਜ਼ ਉਤੇ ਟਿੱਪਣੀਆਂ ਮੰਗੀਆਂ ਹਨ। ਯਾਦ ਰਹੇ ਕਿ 23 ਫਰਵਰੀ 2022 ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਸੋਧ) ਰੂਲਜ਼ 2022 ਜਾਰੀ ਕਰਕੇ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ 23 ਫਰਵਰੀ 2022 ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਸੋਧ) ਰੂਲਜ਼ 2022 ਜਾਰੀ ਕਰਕੇ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ।

