ਚੰਡੀਗੜ੍ਹ, 2 ਮਾਰਚ 2021 – ਘੋਰ ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਵਿਸ਼ੇਸ਼ ਕੇਸ ਵਜੋਂ ਵਿਚਾਰਦੇ ਹੋਏ ਨਿਯਮਾਂ ਵਿੱਚ ਢਿੱਲ ਦਿੰਦਿਆਂ ਉਨ੍ਹਾਂ ਦੀ ਯੋਗਤਾ ਮੁਤਾਬਕ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿੱਤ ਨੌਕਰੀਆਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਦੱਸਣਯੋਗ ਹੈ ਕਿ ਇਹ ਰੇਲ ਹਾਦਸਾ 19 ਅਕਤੂਬਰ, 2018 ਨੂੰ ਅੰਮ੍ਰਿਤਸਰ ਵਿਖੇ ਜੌੜੇ ਫਾਟਕ ‘ਤੇ ਦੁਸਹਿਰੇ ਵਾਲੇ ਦਿਨ ਵਾਪਰਿਆ ਸੀ ਜਿਸ ਵਿੱਚ 58 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 71 ਵਿਅਕਤੀ ਜ਼ਖ਼ਮੀ ਹੋ ਗਏ ਸਨ।
ਇਹ ਪਰਿਵਾਰਕ ਮੈਂਬਰ ਤਰਸ ਦੇ ਆਧਾਰ ‘ਤੇ ਨੌਕਰੀ ਲਈ ਸੂਬੇ ਦੀ ਮੌਜੂਦਾ ਨੀਤੀ ਅਤੇ ਇਸ ਨਾਲ ਸਬੰਧਤ 21 ਨਵੰਬਰ, 2002 ਦੀਆਂ ਹਦਾਇਤਾਂ ਦੇ ਦਾਇਰੇ ਹੇਠ ਨਹੀਂ ਆਉਂਦੇ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਉਪਰ ਮੁੱਖ ਮੰਤਰੀ ਦਫ਼ਤਰ ਨੇ ਵਿਚਾਰ-ਵਟਾਂਦਰਾ ਕਰਨ ਉਪਰੰਤ ਫੈਸਲਾ ਕੀਤਾ ਕਿ 58 ਮ੍ਰਿਤਕਾਂ ਦੇ 34 ਪਰਿਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਹਿਸਾਬ ਨਾਲ ਸੂਬੇ ਦੇ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿੱਚ ਨੌਕਰੀ ਲਈ ਵਿਚਾਰਿਆ ਜਾਵੇ।