ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲ੍ਹਣ ਲਈ ਸਰਬਸੰਮਤੀ ਨਾਲ ਮਤਾ ਪਾਸ

  • ਸਪੀਕਰ ਵਲੋਂ ਪਾਣੀ ਦੀ ਘਾਟ ਦੇ ਗੰਭੀਰ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ

ਚੰਡੀਗੜ੍ਹ, 4 ਮਾਰਚ 2021 – ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਵਲੋਂ ਅੱਜ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਜਿਸ ਤਹਿਤ ਪੰਜਾਬ ਸਰਕਾਰ ਨੂੰ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਾਣੀ ਦੇ ਪੱਧਰ ਵਿਚ ਸੁਧਾਰ ਕਰਨ ਸਬੰਧੀ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ। ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਸਬੰਧੀ ਵਿਚਾਰ ਵਟਾਂਦਰੇ ਵਿਚ ਭਾਗ ਲੈਂਦਿਆਂ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ ਨੇ ਇਸ ਮਸਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਜਿਸ ਉਪਰੰਤ ਇਹ ਫੈਸਲਾ ਲਿਆ ਗਿਆ। ਵਿਧਾਨ ਸਭਾ ਦੇ ਸਪੀਕਰ ਨੇ ਤੁਰੰਤ ਕਾਰਵਾਈ ਕਰਦਿਆਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਜੋ ਤਿੰਨ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰੇਗੀ।

ਸਪੀਕਰ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਸੀ ਅਤੇ ਕਿਉਂਕਿ ਸਦਨ ਦੇ ਮੈਂਬਰਾਂ ਨੇ ਇਹ ਮੁੱਦਾ ਚੁੱਕਿਆ ਹੈ, ਇਸ ਲਈ ਇਸ ਮਾਮਲੇ ਵਿਚ ਦਖਲ ਦੇਣਾ ਸਦਨ ਦਾ ਨੈਤਿਕ ਫਰਜ਼ ਬਣਦਾ ਹੈ। ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ਨੂੰ ਕਮੇਟੀ ਦੀ ਸਹਾਇਤਾ ਲਈ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਇਸ ਗੰਭੀਰ ਮਾਮਲੇ ਦਖ਼ਲ ਦੇਣ ਤੋਂ ਇਲਾਵਾ ਇਹ ਕਮੇਟੀ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਸਬੰਧੀ ਤਜਵੀਜ਼ ਵੀ ਪੇਸ਼ ਕਰੇਗੀ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਇਸ ਕੀਮਤੀ ਕੁਦਰਤੀ ਸਰੋਤ ਨੂੰ ਬਚਾਇਆ ਜਾ ਸਕੇ।

ਸਪੀਕਰ ਦੇ ਐਲਾਨ ਦਾ ਸਰਬਸੰਮਤੀ ਨਾਲ ਸਵਾਗਤ ਕਰਦਿਆਂ ਸਾਰੇ ਸਦਨ ਨੇ ਮੇਜ਼ ਥਪ-ਥਪਾਕੇ ਉਨਾਂ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀਆਂ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪਾਣੀ ਮਨੁੱਖ ਦੀ ਹੋਂਦ ਬਰਕਰਾਰ ਰੱਖਣ ਲਈ ਸਭ ਤੋਂ ਕੀਮਤੀ ਸਰੋਤ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਦੀ ਬਚਤ ਕਰਨ ਲਈ ਵਚਨਬੱਧ ਹੈ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਮੁੱਦੇ ਪ੍ਰਤੀ ਸੁਹਿਰਦ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਗੰਭੀਰ ਮੁੱਦੇ ਸਬੰਧੀ ਵਿਚਾਰ ਵਟਾਂਦਰੇ ਦੀ ਸ਼ੁਰੂਆਤ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤੀ ਜਦਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ, ਵਿਧਾਇਕ ਰਾਣਾ ਗੁਰਜੀਤ ਸਿੰਘ, ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ੍ਰੀ ਕੁਲਦੀਪ ਸਿੰਘ ਵੈਦ, ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਅਮਨ ਅਰੋੜਾ, ਸ੍ਰੀ ਕੰਵਰ ਸੰਧੂ ਅਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੱਬੇਵਾਲ ਵੱਲੋਂ 85ਵੀਂ ਸੋਧ ਸੂਬੇ ਵਿਚ ਲਾਗੂ ਹੋਣ ਬਾਰੇ ਬੋਲੇ ਗਏ ਝੂਠ ਲਈ ਕਾਰਵਾਈ ਕੀਤੀ ਜਾਵੇ : ਬਲਦੇਵ ਖਹਿਰਾ

ਹਰਪਾਲ ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਇੱਕ ਨਿੱਜੀ ਹਸਪਤਾਲ ਨੂੰ ਦੇਣ ਉੱਤੇ ਵਿਧਾਨ ਸਭਾ ‘ਚ ਚੁੱਕਿਆ ਸਵਾਲ