ਚੰਡੀਗੜ੍ਹ, 6 ਮਾਰਚ 2021 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਿਵੀਜਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏ.ਐਸ.ਆਈ.) ਮਨਮੋਹਣ ਕ੍ਰਿਸ਼ਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫਰੀ ਨੰਬਰ ਉਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਕੇਸ ਵਿੱਚ ਉਸ ਦੀ ਜਬਤ ਕੀਤੀ ਗਈ ਕਾਰ ਨੂੰ ਸੁਪਰਦਦਾਰੀ ‘ਤੇ ਪ੍ਰਾਪਤ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਜਲੰਧਰ ਤੋਂ ਵਿਜੀਲੈਂਸ ਦੀ ਟੀਮ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਜਲੰਧਰ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।