ਚੰਡੀਗੜ੍ਹ, 10 ਮਾਰਚ 2021 – ਕਿਸਾਨ ਅੰਦੋਲਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੀਤੀ ਜਾ ਰਹੀ ਬੇਲੋੜੀ ਭੂਮਿਕਾ ਬਾਰੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਭਾਜਪਾ ਦੇ ਸਾਬਕਾ ਕੌਮੀ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ।
ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਹਾਲ ਹੀ ਵਿਚ ਦਿੱਲੀ ਨਾਲ ਲਗਦੀਆਂ ਹੱਦਾਂ ਉਪਰ ਅੰਦੋਲਨ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਜ਼ੀ ਸ਼ੈਡ ਬਣਾ ਕੇ ਦੇਵੇਗੀ ਅਤੇ ਪੱਖੇ ਮੁਹਈਆ ਕੀਤੇ ਜਾਣਗੇ। ਗਰੇਵਾਲ ਨੇ ਕਿਹਾ ਕਿ ਬਤੌਰ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਹ ਵੀ ਬਿਆਨ ਦਿੱਤਾ ਸੀ ਕਿ ਕਿਸਾਨਾਂ ਲਈ ਚੱਲ ਰਹੇ ਲੰਗਰ ਅਤੇ ਆਰਜ਼ੀ ਪਖਾਨੇ ਵੀ ਜਾਰੀ ਰਹਿਣਗੇ ਅਤੇ ਇਸ ਅੰਦੋਲਨ ‘ਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਲੱਖ ਰੁੱਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਗਰੇਵਾਲ ਨੇ ਇਨ੍ਹਾਂ ਫੈਸਲਿਆਂ ਸਬੰਧੀ ਆਪਣੀ ਰਾਏ ਰੱਖਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਸਲ ਭੂਮਿਕਾ, ਗੁਰਦੁਆਰਿਆਂ ਦਾ ਪ੍ਰਬੰਧ ਵੇਖਣਾ ਹੈ। ਉਨ੍ਹਾਂ ਕਿਹਾ ਕਿ ਇਕ ਨਿਰੋਲ ਧਾਰਮਿਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਗੁਦਦੁਆਰਾ ਪ੍ਰਬੰਧਕ ਕਮੇਟੀ ਦਾ ਕਿਸਾਨ ਅੰਦੋਲਨ ਵਿਚ ਸਿੱਧੇ ਤੌਰ ’ਤੇ ਦਖਲ ਦੇਣਾ, ਜਿੱਥੇ ਵੱਖ-ਵੱਖ ਮਜਬਾਂ ਦੇ ਲੋਕ ਹਨ, ਮੈਂ ਸਮਝਦਾ ਹਾਂ ਕਿ ਸਿੱਖ ਗੁਰਦੁਆਰਾ ਐਕਟ 1925 ਅਤੇ ਪੰਜਾਬ ਐਕਟ 8 (1925) ਤਹਿਤ ਦਿੱਤੀ ਗਈ ਵਿਆਖਿਆ ਦੇ ਉਲਟ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਤਰਾਂ ਕਰ ਕੇ ਆਪਣੇ ਅਧਿਕਾਰ ਖੇਤਰ ਦੀਆਂ ਹੱਦਾ ਹੀ ਪਾਰ ਨਹੀਂ ਕਰ ਰਹੀ ਸਗੋਂ ਕਿਸਾਨ ਅੰਦੋਲਨ ਨੂੰ ਇਕ ਫਿਰਕੂ ਰੰਗਤ ਦੇ ਰਹੀ ਹੈ, ਜੋ ਕਿ ਬੇਲੋੜੀ ਅਤੇ ਮੰਦਭਾਗੀ ਗੱਲ ਹੈ।
ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਤੁਹਾ ਨੂੰ ਇਸ ਤਰਾਂ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣਾ ਚਾਹੀਦਾ ਹੈ।