ਪੰਜਾਬ ਕਾਂਗਰਸ ਵੱਲੋਂ 31 ਮਾਰਚ ਤੱਕ ਸਾਰੀਆਂ ਰੈਲੀਆਂ ਮੁਅੱਤਲ, ਅਮਰਿੰਦਰ ਵੱਲੋਂ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਅਪੀਲ

  • ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਮੰਦਰ ਦੇ ਪ੍ਰਬੰਧਕਾਂ ਨਾਲ ਧਾਰਮਿਕ ਅਸਥਾਨਾਂ ਅੰਦਰ ਮਾਸਕ ਪਾਉਣ ਬਾਰੇ ਗੱਲਬਾਤ ਕਰਨ ਲਈ ਕਿਹਾ
  • ਡੀ.ਜੀ.ਪੀ. ਅਤੇ ਸਿਹਤ ਵਿਭਾਗ ਨੂੰ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਵਾਲੇ ਲੋਕਾਂ ਨੂੰ ਨਜ਼ਦੀਕੀ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਸੈਂਟਰਾਂ ’ਚ ਲਿਜਾਣ ਲਈ ਕਿਹਾ

ਚੰਡੀਗੜ੍ਹ, 19 ਮਾਰਚ 2021 – ਸੂਬੇ ਵਿੱਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਵੱਲੋਂ ਅਗਲੇ ਦੋ ਹਫ਼ਤਿਆਂ ਲਈ ਕੋਈ ਸਿਆਸੀ ਇਕੱਠ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੋਵਿਡ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਹੋਰ ਸਿਆਸੀ ਪਾਰਟੀਆਂ ਅਤੇ ਉਨਾਂ ਦੇ ਆਗੂਆਂ ਨੂੰ ਆਪਣੇ ਸਿਆਸੀ ਇਕੱਠਾਂ ਦੌਰਾਨ 50 ਫ਼ੀਸਦ ਸਮਰੱਥਾ ਨਾਲ ਇਨਡੋਰ ਵਿੱਚ ਵੱਧ ਤੋਂ ਵੱਧ 100 ਅਤੇ ਖੁੱਲੀ ਥਾਂ ’ਤੇ 200 ਵਿਅਕਤੀਆਂ ਦੀ ਨਿਰਧਾਰਤ ਕੀਤੀ ਗਿਣਤੀ ਬਣਾਉਣ ਦੀ ਅਪੀਲ ਕੀਤੀ। ਉਨਾਂ ਅੱਗੇ ਕਿਹਾ ਕਿ ਸਭ ਤੋਂ ਪ੍ਰਭਾਵਿਤ ਜ਼ਿਲਿਆਂ ਵਿੱਚ ਕੋਈ ਸਿਆਸੀ ਇਕੱਠ ਨਹੀਂ ਹੋਣਾ ਚਾਹੀਦਾ।

ਕੋਵਿਡ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਜ਼ਰੂਰਤ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਲਾਜ਼ਮੀ ਤੌਰ ’ਤੇ ਮਾਸਕ ਪਹਿਨਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਪੁਲੀਸ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਮਾਸਕ ਤੋਂ ਜਨਤਕ ਖੇਤਰਾਂ ਅਤੇ ਇਸ ਦੇ ਆਲੇ-ਦੁਆਲੇ ਸੜਕਾਂ-ਗਲੀਆਂ ’ਚ ਘੁੰਮ ਰਹੇ ਲੋਕਾਂ ਨੂੰ ਟੈਸਟਿੰਗ ਲਈ ਨਜ਼ਦੀਕੀ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਕੇਂਦਰ ਵਿੱਚ ਲੈ ਜਾਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਬਗੈਰ ਲੱਛਣਾਂ ਵਾਲੇ ਕੋਵਿਡ ਪਾਜ਼ੇਟਿਵ ਨਹੀਂ ਹਨ।
ਉਨਾਂ ਨੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਰਗਿਆਨਾ ਮੰਦਰ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਨ ਲਈ ਕਿਹਾ ਤਾਂ ਜੋ ਉਹ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਅੰਦਰ ਮਾਸਕ ਪਾਉਣ ਲਈ ਉਤਸ਼ਾਹਿਤ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਸ ਵਧਣਾ ਖਾਸ ਕਰਕੇ ਦਿਹਾਤੀ ਇਲਾਕਿਆਂ ਵਿੱਚ ਮਾਮਲੇ ਵਧਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਦੋਂ ਕਿ ਪਿਛਲੇ ਸਾਲ ਇਨਾਂ ਖੇਤਰਾਂ ਵਿੱਚ ਬਹੁਤ ਘੱਟ ਕੇਸ ਸਾਹਮਣੇ ਆਏ ਸਨ। ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ।
ਇਸ ਤੋਂ ਪਹਿਲਾਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪਹਿਲਾਂ ਸ਼ਹਿਰੀ ਖੇਤਰਾਂ ਵਿੱਚ ਵਧੇਰੇ ਕੇਸ ਸਾਹਮਣੇ ਆ ਰਹੇ ਸਨ ਪਰ ਹੁਣ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਰਾਬਰ ਮਾਮਲੇ ਸਾਹਮਣੇ ਆ ਰਹੇ ਹਨ। ਸ੍ਰੀ ਸਿੱਧੂ ਅਤੇ ਕੈਬਨਿਟ ਮੰਤਰੀ ਓ.ਪੀ. ਸੋਨੀ, ਦੋਵਾਂ ਨੇ ਸਿਆਸੀ ਅਤੇ ਸਮਾਜਿਕ ਇਕੱਠਾਂ ’ਤੇ ਪਾਬੰਦੀਆਂ ਲਾਉਣ ਦੀ ਅਪੀਲ ਕੀਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਰੋਨਾ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਖਰੀਦ ਕਾਰਜ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ

ਮੋਗਾ: ਦੋ ਮੁਟਿਆਰਾਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਕਾਤਲ 24 ਘੰਟਿਆਂ ‘ਚ ਪੁਲਿਸ ਅੜਿੱਕੇ