ਚੰਡੀਗੜ੍ਹ, 25 ਮਾਰਚ 2021 – ਸਿਵਲ ਹਸਪਤਾਲ ਮੋਗਾ ਵਿਖੇ ਕਥਿਤ ਤੌਰ ‘ਤੇ ਸਰਜਰੀ ਵਿੱਚ ਹੋਈ ਦੇਰੀ ਕਾਰਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਸਬੰਧੀ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਸੰਬੰਧੀ ਮੋਗਾ ਦੀ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੂੰ ਦੋ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਹੁਕਮ ਦਿੱਤੇ।
ਇੱਕ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਨਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਕਿ ਜੱਚਾ-ਬੱਚਾ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਭਰੋਸਾ ਦਿੱਤਾ ਕਿ ਜੇਕਰ ਰਿਪੋਰਟ ਦੇ ਅਧਾਰ ’ਤੇ ਕਿਸੇ ਵੀ ਕਰਮਚਾਰੀ ਦੀ ਡਿਊਟੀ ਦੌਰਾਨ ਕੁਤਾਹੀ ਪਾਈ ਗਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਸਿੱਧੂ ਨੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਅੰਦੇਸ਼ ਕੰਗ ਨੂੰ ਐਮ.ਸੀ.ਐਚ. ਵਿਖੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕਰਨ ਸਬੰਧੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਜੱਚਾ-ਬੱਚਾ ਮੌਤ ਅਨੁਪਾਤ ਨੂੰ ਘਟਾਉਣ ਦਾ ਟੀਚਾ ਮਿੱਥਿਆ ਹੈ ਅਤੇ ਸਰਕਾਰ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਕਰਨ ਲਈ ਪੂਰੀ ਵਚਨਬੱਧ ਹੈ।