ਚੰਡੀਗੜ੍ਹ, 13 ਅਪ੍ਰੈਲ 2021 – ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ।
ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 13 ਮਈ ਰੱਖੀ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।