… ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਦਰਜ ਹੋਣ ਤੱਕ ਸੰਘਰਸ਼ ਕਰੇਗੀ ਆਪ: ਹਰਪਾਲ ਸਿੰਘ ਚੀਮਾ
… ਕੈਪਟਨ ਸਰਕਾਰ ਨੇ ਦੋ ਲੱਖ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਵਜ਼ੀਫ਼ਾ ਰਾਸ਼ੀ ਵਿੱਚ ਕੀਤਾ ਘੁਟਾਲਾ, ਖ਼ਤਰੇ ‘ਚ ਪਾਇਆ ਵਿਦਿਆਰਥੀਆਂ ਦਾ ਭਵਿੱਖ
ਚੰਡੀਗੜ੍ਹ, 15 ਜੂਨ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ.ਸੀ ਵਿੰਗ ਵੱਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ਭਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਐਸ.ਸੀ ਵਿੰਗ ਵੱਲੋਂ ਜ਼ਿਲਾ ਪ੍ਰਧਾਨਾਂ ਦੀ ਅਗਵਾਈ ਵਿੱਚ ਸਾਰੇ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐਸ.ਸੀ ਐਸ.ਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ। ਉਨਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਚੀਮਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਬਾਰੇ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵੱਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। ਉਨਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ ਨੂੰ ਲੁੱਟ ਰਹੀ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਨਿੱਜੀ ਕਾਲਜਾਂ ਨੂੰ ਵਜ਼ੀਫਾ ਰਕਮ ਜਾਰੀ ਕੀਤੀ ਹੈ, ਪਰ ਜਦੋਂ ਤੱਕ ਸਰਕਾਰ 1539 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰ੍ਰੀਖਿਆਵਾਂ ਨਹੀਂ ਦੇ ਸਕਣਗੇ । ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਦਲਿਤਾਂ ਦੇ ਅਧਿਕਾਰ ਖੋਹਏ ਹਨ। ਕਾਂਗਰਸ ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਵੀ ਪੱਖਪਾਤ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਵੱੋਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਜਵਾਬ ਦੇਣਗੇ।