… ਬਰਦਾਨੇ ਦੀ ਕਮੀ ਅਤੇ ਸਰਕਾਰ ਦੀ ਅਣਗਹਿਲੀ ਕਾਰਨ ਬਾਰਿਸ਼ ਨੇ ਪੰਜਾਬ ਦੇ ਕਿਸਾਨਾਂ ਦੀ 10 ਲੱਖ ਟਨ ਕਣਕ ਮੰਡੀਆਂ ਵਿਚ ਤਬਾਹ ਕੀਤੀ- ਕੁਲਤਾਰ ਸੰਧਵਾਂ
… ਸਰਕਾਰ ਕਣਕ ਦੀ ਫਸਲ ਦੀ ਖਰੀਦ ਲਈ ਉਚੇਚੇ ਪ੍ਰਬੰਧ ਕਰਨ ਵਿਚ ਹੋਈ ਫੇਲ
… ਸਰਕਾਰ ਦੀ ਨਲਾਇਕੀ ਕਾਰਨ ਮੰਡੀਆਂ ਵਿੱਚ ਗਿੱਲੀ ਹੋਈ ਕਣਕ ਦੀ ਨਮੀ ਦੀ ਮਾਤਰਾ ਵਿੱਚ ਢਿੱਲ ਦੇ ਕੇ ਤੁਰੰਤ ਕਣਕ ਖਰੀਦੇ ਸਰਕਾਰ
ਚੰਡੀਗੜ੍ਹ, 18 ਅਪ੍ਰੈਲ 2021 – ਪੰਜਾਬ ਸਰਕਾਰ ਦੇ ਢਿੱਲੇ ਪ੍ਰਬੰਧਾਂ ਅਤੇ ਬਾਰਦਾਨੇ ਦੀ ਕਮੀ ਕਾਰਨ ਪੰਜਾਬ ਦੀਆਂ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦਿ ਵਾਲ ਚੁਗਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਪਾਸੋਂ ਇਸ ਸਬੰਧ ਵਿੱਚ ਜਲਦ ਸਖਤ ਕਦਮ ਚੁੱਕੇ ਜਾਣ ਦੀ ਮੰਗ ਕੀਤੀ। ਇਸ ਸੰਬੰਧ ਵਿਚ ਉਨਾਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਕ ਪੱਤਰ ਲਿਖ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣ ਦੀ ਵੀ ਮੰਗ ਕੀਤੀ।
ਪੰਜਾਬ ਸਰਕਾਰ ਦੇ ਢਿੱਲੇ ਪ੍ਰਬੰਧਾਂ ਕਾਰਨ ਕਿਸਾਨਾਂ ਨੂੰ ਅਨੇਕਾਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਅਤੇ ਬਰਦਾਨੇ ਦੀ ਕਮੀ ਕਾਰਨ ਪੰਜਾਬ ਦੇ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਚੁਕਾਈ ਵਿਚ ਲੰਬੇ ਸਮੇਂ ਤੋਂ ਭਾਰੀ ਪ੍ਰੇਸ਼ਾਨੀ ਆ ਰਹੀ ਹੈ। ਇਸ ਤੋਂ ਬਿਨਾਂ ਮੌਸਮ ਖਰਾਬ ਹੋਣ ਅਤੇ ਸਮੁੱਚੇ ਪੰਜਾਬ ਵਿੱਚ ਬਾਰਿਸ਼ ਆਉਣ ਕਾਰਨ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ ਜੋ ਕਿ ਅਤਿ ਮੰਦਭਾਗਾ ਅਤੇ ਚਿੰਤਾਜਨਕ ਹੈ। ਪੰਜਾਬ ਦੇ ਕਿਸਾਨ ਆਪਣੀ ਫਸਲ ਨੂੰ ਲੈ ਕੇ ਕਈ ਕਈ ਦਿਨਾਂ ਤੋਂ ਮੰਡੀਆਂ ‘ਚਖਜਲ ਖੁਆਰ ਹੋ ਰਹੇ ਹਨ। ਅੰਕੜਿਆਂ ਅਨੁਸਾਰ ਖਰਾਬ ਮੌਸਮ ਕਾਰਨ ਸੂਬੇ ਵਿਚ ਹੋਈ ਬਾਰਿਸ਼ ਕਾਰਨ ਲਗਪਗ 10 ਲੱਖ ਟਨ ਕਣਕ ਭਿੱਜ ਗਈ ਹੈ ਅਤੇ ਕਿਸਾਨਾਂ ਨੂੰ ਉਸ ਨੂੰ ਵੇਚਣ ਲਈ ਪਹਿਲਾਂ ਤੋਂ ਵੀ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੰਧਵਾਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਤੋਂ ਹੀ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ ਅਤੇ ਬੇਹੱਦ ਗੰਭੀਰ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਿਹਾ ਹੈ ਅਤੇ ਅਜਿਹੇ ਸਮੇਂ ਵਿਚ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਇਆ ਇਹ ਵਰਤਾਰਾ ਨਿੰਦਾ ਯੋਗ ਹੈ। ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸਬੰਧੀ ਪਹਿਲਾਂ ਤੋਂ ਉਚੇਚੇ ਪ੍ਰਬੰਧ ਨਾ ਕਰਨ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਲਾਂ ਲਈ ਕੈਪਟਨ ਸਰਕਾਰ ਜੰਿਮੇਵਾਰ ਹੈ। ਉਨਾਂ ਇਸ ਸਬੰਧੀ ਕਾਰਵਾਈ ਕਰ ਕੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦੇਣ ਦੀ ਮੰਗ ਕੀਤੀ ਤਾਂ ਜੋ ਕਿਸਾਨ ਮੰਡੀਆਂ ਵਿੱਚ ਰੁਲਣ ਤੋਂ ਬਚ ਸਕੇ ਅਤੇ ਉਨਾਂ ਦੀ ਕਣਕ ਦੀ ਫਸਲ ਸੁਚੱਜੇ ਢੰਗ ਨਾਲ ਖਰੀਦੀ ਜਾ ਸਕੇ।
ਸੰਧਵਾਂ ਨੇ ਮੰਗ ਕੀਤੀ ਕਿ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਵਿਚ ਬਾਰਿਸ਼ ਨਾਲ ਭਿੱਜੀ ਕਣਕ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਉਨਾਂ ਦੀ ਨਮੀ ਦੀ ਮਾਤਰਾ ਵਿਚ ਢਿੱਲ ਦਿੱਤੀ ਜਾਵੇ ਕਿਉਂਕਿ ਇਹ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਭਿੱਜੀ ਹੈ। ਜੇਕਰ ਹੁਣ ਵੀ ਸਰਕਾਰ ਨੇ ਕਿਸਾਨਾਂ ਦੀਆਂ ਇਨਾਂ ਮੁਸ਼ਕਿਲਾਂ ਵੱਲ ਧਿਆਨ ਨਾ ਦੇ ਕੇ ਬਾਰਦਾਨੇ ਦੀ ਕਮੀ ਨੂੰ ਪੂਰਾ ਨਾ ਕਰਦਿਆਂ ਕਣਕ ਦੀ ਖਰੀਦ ਵਿੱਚ ਤੇਜੀ ਨਾ ਲਿਆਂਦੀ ਤਾਂ ਆਮ ਆਦਮੀ ਪਾਰਟੀ ਇਸ ਸੰਬੰਧੀ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਘਰ ਘੇਰੇਗੀ। ਕਣਕ ਖਰੀਦ ਦੇ ਮਾੜੇ ਪ੍ਰਬੰਧਾਂ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜੰਿਮੇਵਾਰ ਹੈ ਅਤੇ ਆਪ ਜੀ ਨੂੰ ਇਸ ਸਬੰਧੀ ਕਰੜੇ ਕਦਮ ਚੁੱਕਣੇ ਚਾਹੀਦੇ ਹਨ। ਉਨਾਂ ਕਿਹਾ ਕਿ ਆਪ ਦੇ ਆਗੂ ਮੰਡੀਆਂ ਵਿੱਚ ਜਾ ਕੇ ਸਰਕਾਰ ਦੇ ਪ੍ਰਬੰਧਾਂ ਦੀ ਘੋਖ ਪੜਤਾਲ ਕਰ ਰਹੇ ਹਨ ਅਤੇ ਕਿਸਾਨ ਅਸੰਤੁਸ਼ਟ ਹੋਣ ਦੀ ਸੂਰਤ ਵਿੱਚ ਸਖ਼ਤ ਕਦਮ ਚੁੱਕਣ ਅਤੇ ਸਰਕਾਰ ਨੂੰ ਘੇਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ।