… ਕੈਪਟਨ ਨੇ ਆਪਣਾ ਇਕ ਵੀ ਚੋਣਾਵੀਂ ਵਾਅਦਾ ਪੂਰਾ ਨਹੀਂ ਕੀਤਾ, ਕੈਪਟਨ ਸਰਕਾਰ ਹਰ ਮੋਰਚੇ ਉੱਤੇ ਫੇਲ੍ਹ ਹੋਈ : ਹਰਪਾਲ ਸਿੰਘ ਚੀਮਾ
… ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਕੈਪਟਨ ਦੇ ਸਾਰੇ ਝੂਠਾਂ ਦਾ ਪਰਦਾਫਾਸ ਕਰੇਗੀ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 28 ਫਰਵਰੀ 2021 – ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਢੇਰ ਸਾਰੇ ਮੁੱਦਿਆਂ ਨਾਲ ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਆਉਣ ਵਾਲੇ ਬਜਟ ਸੈਸ਼ਨ ਵਿੱਚ ਪਾਰਟੀ ਨੇ ਐਸਐਸਪੀ, ਪੋਸਟ ਮੈਟ੍ਰਿਕ ਵਜੀਫਾ, ਖੇਤੀਬਾੜੀ ਕਰਜ਼ਾ ਮੁਆਫੀ ਅਤੇ ਬਿਜਲੀ ਦੇ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਚੁੱਕਣ ਦਾ ਫੈਸਲਾ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਵਿੱਚ ਵਿਧਾਇਕਾਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ।
ਮੀਟਿੰਗ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪ੍ਰੰਤੂ ਉਨ੍ਹਾਂ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਸਰਕਾਰ ਦੇ ਚਾਰ ਸਾਲ ਹੋ ਚੁੱਕੇ ਹਨ ਅਤੇ ਅੰਤਿਮ ਬਜਟ ਸੈਸ਼ਨ ਵਿੱਚ ਪਹੁੰਚ ਗਏ ਹਨ, ਪ੍ਰੰਤੂ ਕੋਈ ਵੀ ਵਾਅਦਾ ਅਜੇ ਤੱਕ ਪੂਰੇ ਨਹੀਂ ਹੋਏ ਜੋ ਕੈਪਟਨ ਨੇ ਚੋਣਾਂ ਦੌਰਾਨ ਕੀਤੇ ਸਨ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ ਆਮ ਆਦਮੀ ਪਾਰਟੀ ਪੰਜਾਬ ਦੀ ਜਨਤਾ ਨੂੰ ਕੈਪਟਨ ਸਰਕਾਰ ਦੀਆਂ ਨਕਾਮੀਆਂ ਨੂੰ ਦਿਖਾਉਣ ਲਈ ਬਜਟ ਸੈਸ਼ਨ ਦੌਰਾਨ ਇਨ੍ਹਾਂ ਸਾਰੇ ਮੁੱਦਿਆਂ ਨੂੰ ਚੁੱਕੇਗੀ। ਉਨ੍ਹਾਂ ਖੇਤੀ ਕਾਨੂੰਨ ਦੇ ਮੁੱਦੇ ਉਤੇ ਵੀ ਕੈਪਟਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਕੈਪਟਨ ਨੇ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮਿਲਕੇ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਇਆ। ਉਨ੍ਹਾਂ ਖੇਤੀ ਕਾਨੂੰਨ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਖਿਲਾਫ ਵਿਧਾਨ ਸਭਾ ਵਿੱਚ ਇਕ ਪ੍ਰਸਤਾਵ ਪਾਸ ਕੀਤਾ ਜਿਸ ਨੂੰ ਅਜੇ ਤੱਕ ਰਾਸ਼ਟਰਪਤੀ ਕੋਲ ਨਹੀਂ ਭੇਜਿਆ ਗਿਆ।
ਉਨ੍ਹਾਂ ਕਿਹਾ ਕਿ ਕੈਪਟਨ ਨੇ ਖੇਤੀ ਕਾਨੂੰਨ ਦੇ ਮੁੱਦੇ ਉਤੇ ਕਦੇ ਵੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਇਸ ਮੁੱਦੇ ਉੱਤੇ ਉਨ੍ਹਾਂ ਨਾਲ ਕੋਈ ਗੱਲਬਾਤ ਜਾਂ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ। ਹੁਣ ਆਪਣੀ ਅਸਫਲਤਾ ਨੂੰ ਲੁਕਾਉਣ ਲਈ ਉਹ ਕਿਸਾਨ ਸਮਰਥਕ ਹੋਣ ਦਾ ਨਾਟਕ ਕਰ ਰਹੇ ਹਨ। ਕੈਪਟਨ ਅਜੇ ਤੱਕ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦੇਣ ਵਿੱਚ ਫੇਲ੍ਹ ਰਹੇ ਹਨ। ਹੁਣ ਉਹ ਸੜਕਾਂ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦਾ ਪ੍ਰਸਤਾਵ ਸਵੀਕਾਰ ਕਰਨ ਲਈ ਮਜਬੂਰ ਕਰ ਰਹੇ ਹਨ। ਇਸ ਲਈ ਆਮ ਆਦਮੀ ਪਾਰਟੀ ਬਜਟ ਸੈਸ਼ਨ ਦੌਰਾਨ ਐਮਐਸਪੀ ਦਾ ਮੁੱਦਾ ਚੁੱਕੇਗੀ।
ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗਰੀਬ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੈਸੇ ਵਿੱਚ ਘਪਲਾ ਕੀਤਾ, ਪ੍ਰੰਤੂ ਕੈਪਟਨ ਨੇ ਅਜੇ ਤੱਕ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਨੇ ਸੂਬੇ ਵਿੱਚ ਇਕ ਨਵੀਂ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਯੋਜਨਾ ਸ਼ੁਰੂ ਕੀਤੀ, ਪ੍ਰੰਤੂ ਇਸ ਨਾਲ ਵੀ ਗਰੀਬ ਵਿਦਿਆਰਥੀਆਂ ਨੂੰ ਕੋਈ ਲਾਭ ਨਹੀਂ ਮਿਲਿਆ। ਕੈਪਟਨ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਇਕ ਕਮੇਟੀ ਦਾ ਗਠਨ ਕੀਤਾ। ਕਮੇਟੀ ਨੂੰ ਬਣੇ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ, ਪ੍ਰੰਤੂ ਅਜੇ ਤੱਕ ਕੁਝ ਨਹੀਂ ਹੋਇਆ। ਵਜੀਫਾ ਨਾ ਮਿਲਣ ਕਾਰਨ ਪੰਜਾਬ ਦੇ ਲਗਭਗ 50,000 ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਹੈ। 1600 ਤੋਂ ਜ਼ਿਆਦਾ ਕਾਲਜ ਵੀ ਇਸ ਕਾਰਨ ਬੰਦ ਹੋਣ ਕਿਨਾਰੇ ਹਨ। ਕਈ ਵਿਦਿਆਰਥੀਆਂ ਦੀ ਡਿਗਰੀ ਰੁਕੀ ਹੋਈ ਹੈ। ਇਨ੍ਹਾਂ ਸਭ ਚੀਜਾਂ ਨੂੰ ਦੇਖਦੇ ਹੋਏ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਅਸੀਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦਿਆਂ ਨੂੰ ਵੀ ਵਿਧਾਨ ਸਭਾ ਵਿੱਚ ਚੁੱਕਾਂਗੇ।
ਕਿਸਾਨ ਕਰਜ਼ਾ ਮੁਆਫੀ ਦੇ ਮੁੱਦੇ ਉੱਤੇ ਉਨ੍ਹਾਂ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਉਨ੍ਹਾਂ ਆਪਣਾ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਹੀਂ ਕੀਤਾ। ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਆਤਮਹੱਤਿਆ ਕਰ ਰਹੇ ਹਨ ਅਤੇ ਲੱਖਾਂ ਕਿਸਾਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਦਸੂਹਾ ਅਤੇ ਤਰਨਤਾਰਨ ਵਿੱਚ ਕਿਸਾਨਾਂ ਦੀ ਆਤਮਹੱਤਿਆ ਦਾ ਮਾਮਲਾ ਸਾਹਮਣੇ ਆਇਆ। ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਦੇ ਰੂਪ ਵਿੱਚ ਅਸੀਂ ਕਿਸਾਨ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਾਗੇ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਬਿਜਲੀ ਦੀ ਕੀਮਤ ਮਹਿੰਗੀ ਕਰ ਦਿੱਤੀ ਹੈ। ਬਿਜਲੀ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਮ ਜਨਤਾ ਅਤੇ ਛੋਟੇ ਕਾਰੋਬਾਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਪਟਨ ਨੇ 2017 ਵਿੱਚ ਵਾਅਦਾ ਕੀਤਾ ਸੀ ਕਿ ਹੁਣ ਬਾਦਲ ਸਰਕਾਰ ਦੌਰਾਨ ਕੀਤੇ ਗਏ ਬਿਜਲੀ ਸਮਝੌਤਿਆਂ ਦੀ ਸਮੀਖਿਆ ਕਰਾਂਗੇ ਅਤੇ ਬਿਜਲੀ ਦੀ ਸਥਿਤੀ ਨੂੰ ਠੀਕ ਕਰਾਂਗੇ। ਪ੍ਰੰਤੂ ਉਨ੍ਹਾਂ ਕੋਈ ਵਾਅਦਾ ਪੁਰਾ ਨਹੀਂ ਕੀਤਾ। ਇਸ ਲਈ ਅਸੀਂ ਫੈਸਲਾ ਕੀਤਾ ਕਿ ਕੈਪਟਨ ਸਰਕਾਰ ਦੇ ਫੇਲ੍ਹ ਹੋਣ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਇਨ੍ਹਾਂ ਸਭ ਮੁੱਦਿਆਂ ਨੂੰ ਚੁੱਕਿਆ ਜਾਵੇਗਾ।