ਚੰਡੀਗੜ੍ਹ, 9 ਅਪ੍ਰੈਲ 2021 – ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ।
ਉਹਨਾਂ ਕਿਹਾ ਕਿ ਸਾਡੀ ਪਾਰਟੀ ਇੱਕ ਪੰਥਕ ਪਾਰਟੀ ਹੈ ਅਤੇ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਿਲ ਨਹੀ ਹੋ ਸਕਦੀ ਹੈ। ਉਨ੍ਹਾ ਕਿਹਾ ਕਿ: ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧ ਵਿੱਚ ਦਿੱਤਾ ਗਿਆ ਬਿਆਨ ਬੇਬੁਨਿਆਦ ਅਤੇ ਬੇਤੁਕਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲ ਲੋਕਾਂ ਜਾਂ ਹਮਖਿਆਲ ਪਾਰਟੀਆਂ ਵਿੱਚ ਸਮਝੌਤਾ ਹੋਣਾ ਮਾੜਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਬਾਦਲ ਦਲ ਅਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।