ਚੰਡੀਗੜ੍ਹ, 9 ਮਾਰਚ 2021 – ਆਮ ਆਦਮੀ ਪਾਰਟੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰੋਜ਼ਾਨਾ ਪੰਜਾਬ ਦੇ ਵੱਡੇ ਵੱਡੇ ਅਤੇ ਨਾਮੀ ਚੇਹਰੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਸੋਮਵਾਰ ਨੂੰ ਮਾਝਾ ਖੇਤਰ ਵਿੱਚ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ। ਜਦੋਂ ਅਕਾਲੀ ਦਲ ਦੇ ਗੁਰਦਾਸਪੁਰ ਅਤੇ ਪਠਾਨਕੋਟ ਸਾਬਕਾ ਪ੍ਰਧਾਨ ਰੇਖਾ ਮਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਰੇਖਾ ਮਨੀ ਸ਼ਰਮਾ ਗੁਰਦਾਸਪੁਰ ਅਤੇ ਪਠਾਨਕੋਟ ਸ਼ਹਿਰੀ ਜ਼ਿਲ੍ਹੇ ਦੀ ਪ੍ਰਧਾਨ ਅਤੇ ਦੋ ਸਾਲ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਦੀ ਪ੍ਰਧਾਨ ਰਹਿ ਚੁੱਕੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਸਵਾਗਤ ਕਰਦੇ ਹੋਏ ਕਿਹਾ ਕਿ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਅੱਜ ਪਾਰਟੀ ਦਾ ਕਾਫਲਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ‘ਆਪ’ ਦੀ ਦਿੱਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਲੋਕ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕੰਮ ਤੋਂ ਪ੍ਰਭਾਵਿਤ ਹੈ। ਪਾਰਟੀ ਵਿੱਚ ਸ਼ਾਮਲ ਹੋਏ ਆਗੂ ਨੇ ਕਿਹਾ ਕਿ ਉਹ ਪਾਰਟੀ ਲਈ ਦਿਨ-ਰਾਤ ਕੰਮ ਕਰਕੇ ਪਾਰਟੀ ਨੂੰ ਮਜ਼ਬੂਤ ਬਣਾਉਣਗੇ। ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਪੂਰੀ ਲਗਨ ਅਤੇ ਮਿਹਨਤ ਨਾਲ ਕਰਨਗੇ।