ਵਾਸ਼ਿੰਗਟਨ, 7 ਜਨਵਰੀ 2021 – ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸਿਆਸਤ ਜਾਰੀ ਹੈ। ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ ਹਨ। ਇਸ ਦੌਰਾਨ ਟਰੰਪ ਦੇ ਸਮਰਥਕਾਂ ਨੇ ਕੈਪੀਟਲ ਦੇ ਅਹਾਤੇ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕੀਤਾ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਝੜਪ ‘ਚ ਕਈ ਜਾਣਿਆ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਟਰੰਪ ਦੇ ਸਮਰਥਕਾਂ ਨੇ ਕੈਪੀਟਲ ਬਿਲਡਿੰਗ ’ਚ ਦਾਖਲ ਵੀ ਹੋ ਗਏ ਅਤੇ ਉਹਨਾਂ ਨੇ ਬਿਲਡਿੰਗ ਅੰਦਰ ਜਾ ਕੇ ਹੰਗਾਮਾ ਕੀਤਾ। ਇਹ ਹੰਗਾਮਾ ਉਸ ਵੇਲੇ ਹੋਇਆ ਜਦ ਅਮਰੀਕੀ ਕਾਂਗਰਸ ’ਚ ਇਲੈਕਟੋਰਲ ਕਾਲਜ ਨੂੰ ਲੈ ਕੇ ਬਹਿਸ ਚੱਲ ਰਹੀ ਸੀ ਅਤੇ ਇਥੇ ਜੋਅ ਬਾਈਡੇਨ ਦੀ ਚੋਣ ਜਿੱਤ ਦੀ ਪੁਸ਼ਟੀ ਕੀਤੀ ਜਾਣੀ ਸੀ।
ਜਦੋਂ ਕਿ ਟਰੰਪ ਸਮਰਥਕ ਚੋਣ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਹਿੰਸਕ ਝੜਪ ਹੋਈ। ਇਸ ਤੋਂ ਬਿਨਾਂ ਟਵਿੱਟਰ ਦੁਆਰਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤੇ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਫੇਸਬੁੱਕ ਨੇ ਵੀ ਟਰੰਪ ਦਾ ਖਾਤਾ ਬੰਦ ਕਰ ਦਿੱਤਾ ਹੈ। ਐਸੋਸੀਏਟਡ ਪ੍ਰੈਸ ਦੀ ਇਕ ਰਿਪੋਰਟ ਦੇ ਅਨੁਸਾਰ ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਟਰੰਪ ਦੇ ਸਮਰਥਕਾਂ ਨੇ ਕੈਪੀਟਲ ਦੇ ਅਹਾਤੇ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕੀਤਾ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ।