ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ, ਪੜ੍ਹੋ ਕਿਉਂ ?

  • ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 16 ਜੂਨ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿਚ ਕੁਲਵਿੰਦਰ ਸਿੰਘ ਮੈਨੇਜਰ, ਸੁਖਮੰਦਰ ਸਿੰਘ ਕਲਰਕ, ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ (ਦੋਵੇਂ ਸੇਵਾਦਾਰ) ਸ਼ਾਮਲ ਹਨ। ਸਥਾਨਕ ਸੰਗਤ ਦੀ ਸ਼ਿਕਾਇਤ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਅਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਜਿਨ੍ਹਾਂ ਮੁਲਾਜ਼ਮਾਂ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਥਾਣਾ ਜੈਤੋ ਵਿਖੇ ਪਰਚਾ ਵੀ ਦਰਜ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਬਾਕੀ ਰਹਿੰਦੇ ਸਟਾਫ਼ ਵਿੱਚੋਂ ਵੀ ਬਹੁਤ ਸਾਰੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਆਉਣ ਵਾਲੇ ਲੋਕਾਂ ਦੀ ਜ਼ੁੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਕਿਸੇ ਕੁਤਾਹੀ ਅਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੀ ਮਾਣ ਮਰਯਾਦਾ ਅਤੇ ਸਿੱਖ ਸਿਧਾਂਤਾਂ ਦੇ ਦਾਇਰੇ ਵਿਚ ਰਹਿ ਕੇ ਆਪਣੇ ਜ਼ੁੰਮੇ ਲੱਗੀ ਸੇਵਾ ਨਿਭਾਉਣ। ਜੇਕਰ ਕੋਈ ਵੀ ਮੁਲਾਜ਼ਮ ਗੁਰਦੁਆਰਾ ਪ੍ਰਬੰਧਾਂ ਨੂੰ ਬਦਨਾਮ ਕਰੇਗਾ ਤਾਂ ਉਸ ਵਿਰੁੱਧ ਇਸੇ ਤਰ੍ਹਾਂ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਸਾਮ-ਚੀਨ ਦੇ ਬਾਰਡਰ ਤੇ ਸ਼ਹੀਦ ਹੋਏ ਜ਼ਿਲ੍ਹਾ ਰੂਪਨਗਰ ਦੇ ਫੌਜੀ ਗੁਰਨਿੰਦਰ ਸਿੰਘ ਦੀ ਦੇਹ ਪਹੁੰਚੀ ਜੱਦੀ ਪਿੰਡ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸਨਮਾਨ