ਚੰਡੀਗੜ੍ਹ, 16 ਅਪ੍ਰੈਲ 2021 – ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰਨ ਵਾਲੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਇੱਥੇ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜਪਾਲ ਨਾਲ ਮੁਲਾਕਾਤ ਕਰਨ ਆਏ ਹਨ, ਜੋ ਕਿ ਉਹ ਹਰ ਮਹੀਨੇ ਉਨ੍ਹਾਂ ਨਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਇੱਥੇ ਅਫ਼ਸਰ ਵੱਜੋਂ ਨਹੀਂ ਸਗੋਂ ਨਿੱਜੀ ਤੌਰ ‘ਤੇ ਆਏ ਹਨ।
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਖੁਦ ਹੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਸਵੇਰ 11.30 ਵਜੇ ਦਾ ਸਮਾਂ ਮੰਗਿਆ ਸੀ, ਪਰ ਉਹ ਸਮੇਂ ਤੋਂ ਪਹਿਲਾਂ ਹੀ ਗਵਰਨਰ ਹਾਊਸ ਪਹੁੰਚ ਸਨ।
ਮੀਡੀਆ ਵੱਲੋਂ ਅਸਤੀਫ਼ੇ ਬਾਰੇ ਸਵਾਲ ਪੁੱਛੇ ਜਾਣ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੈਪਟਨ ਸਾਬ੍ਹ ਨੇ ਉਨ੍ਹਾਂ ਨੂੰ ਬਹੁਤ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਲਟਾ ਉਨ੍ਹਾਂ ਨੇ ਹੀ ਕੈਪਟਨ ਸਾਬ੍ਹ ਨੂੰ ਮਨਾ ਲਿਆ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਸ ਕੇਸ ਸਬੰਧੀ ਜੇ ਕੋਈ ਮਦਦ ਦੀ ਲੋੜ ਹੈ ਤਾਂ ਉਹ ਜਰੂਰ ਇਸ ‘ਚ ਮਦਦ ਕਰਨਗੇ।
ਐਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਲਤ ‘ਚ ਕੇਸ ਸਬੰਧੀ ਜੋ ਚਲਾਨ ਪੇਸ਼ ਕੀਤਾ ਜਾਂਦਾ ਹੈ, ਉਹ ਜਨਤਕ ਹੀ ਹੁੰਦਾ ਹੈ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਐਸ. ਆਈ. ਟੀ. ਦੀ ਰਿਪੋਰਟ ਜਨਤਕ ਨਹੀਂ ਹੈ।