ਚੰਡੀਗੜ੍ਹ, 13 ਮਾਰਚ 2022 – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹੁਸ਼ਿਆਰਪੁਰ ਦੇ ਟਾਂਡਾ ਵਿਖੇ 20 ਤੋਂ ਵੱਧ ਗਊਆਂ ਦੀ ਕੀਤੀ ਗਈ ਹੱਤਿਆ ‘ਤੇ ਸਖ਼ਤ ਗੁੱਸਾ ਜ਼ਾਹਰ ਕਰਦਿਆਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ਰਮਾ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਗਊ ਹੱਤਿਆ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਭਾਰਤੀ ਜਨਤਾ ਪਾਰਟੀ ਸੜਕਾਂ ‘ਤੇ ਉਤਰਨ ਤੋਂ ਗੁਰੇਜ਼ ਨਹੀਂ ਕਰੇਗੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗਊ ਨੂੰ ਸਾਡੇ ਸਮਾਜ ਵਿੱਚ ਪੂਜਿਆ ਅਤੇ ਸਤਿਕਾਰਿਆ ਜਾਂਦਾ ਹੈ ਅਤੇ ਇਸ ਨੂੰ ਮਾਰਨਾ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਟਾਂਡਾ ਵਿਖੇ ਗਊ ਹੱਤਿਆ ਦੀ ਘਟਨਾ ਨੂੰ ਅੰਜਾਮ ਦੇ ਕੇ ਸੂਬੇ ਦੇ ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਘਟਨਾ ਕਾਰਨ ਹਿੰਦੂ ਸਮਾਜ ਵਿੱਚ ਭਾਰੀ ਰੋਸ ਹੈ। ਪੰਜਾਬ ਵਿਚ ਪਿਛਲੇ ਕੁਝ ਸਾਲਾਂ ਦੌਰਾਨ ਹਿੰਦੂ ਨੇਤਾਵਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਅਤੇ ਹਿੰਦੂਆਂ ਦੀ ਆਸਥਾ ਨੂੰ ਨਿਸ਼ਾਨਾ ਬਣਾ ਕੇ ਹਿੰਦੂ ਮੰਦਰਾਂ ਅਤੇ ਹਿੰਦੂ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਮਲੇਰਕੋਟਲਾ ਵਿੱਚ ਵੀ ਵੱਡੀ ਮਾਤਰਾ ਵਿੱਚ ਗਾਵਾਂ ਦੇ ਕੱਟੇ ਹੋਏ ਅੰਗ ਮਿਲੇ ਸਨ। ਪਰ ਹੁਣ ਤੱਕ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।