ਭਗਵੰਤ ਮਾਨ ਨੇ ਮਾਨਸੂਨ ਦੀ ਆਮਦ ਤੋਂ ਪਹਿਲਾਂ ਹੜ੍ਹ ਰੋਕੂ ਕੰਮਾਂ ਅਤੇ ਸਫਾਈ ਨੂੰ ਯਕੀਨੀ ਤੌਰ `ਤੇ ਮੁਕੰਮਲ ਕਰਨ ਲਈ ਦਿੱਤੇ ਨਿਰਦੇਸ਼

  • ਘੱਗਰ ਦਰਿਆ ਦੇ ਮਜ਼ਬੂਤੀਕਰਨ ਦਾ ਲਿਆ ਜਾਇਜ਼ਾ ਅਤੇ ਜਲ ਮਾਰਗਾਂ ਨੂੰ ਸਾਫ ਕਰਨ ਲਈ ਕੀਤੀ ਹਦਾਇਤ
  • ਸੂਬੇ `ਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਜਲ ਸਰੋਤ ਅਤੇ ਜੰਗਲਾਤ ਵਿਭਾਗਾਂ ਨੂੰ ਢੁਕਵੀਆਂ ਥਾਵਾਂ ਤਲਾਸ਼ਣ ਲਈ ਕਿਹਾ

ਚੰਡੀਗੜ੍ਹ, 9 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਦੀ ਆਮਦ ਤੋਂ ਪਹਿਲਾਂ-ਪਹਿਲਾਂ ਸੂਬੇ ਭਰ ਚ ਹੜ੍ਹਾਂ ਲਈ ਸੰਵੇਦਨਸ਼ੀਲ ਜਾਂ ਪਾੜ ਪੈਣ ਦੀ ਸੰਭਾਵਨਾਵਾਂ ਵਾਲੀਆਂ ਥਾਵਾਂਤੇ ਸਫ਼ਾਈ ਅਤੇ ਹੜ੍ਹ ਰੋਕੂ ਕਾਰਜ ਸ਼ੁਰੂ ਕਰ ਦਿੱਤੇ ਜਾਣ।

ਸੂਬੇ ਦੀ ਸਮੁੱਚੀ ਸਿੰਚਾਈ ਅਤੇ ਡਰੇਨੇਜ ਪ੍ਰਣਾਲੀ ਵਿਸ਼ੇਸ਼ ਕਰਕੇ ਘੱਗਰ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਵੰਤ ਮਾਨ ਨੇ ਮੁੱਖ ਇੰਜੀਨੀਅਰ ਡਰੇਨੇਜ ਨੂੰ ਪੁਲਾਂ ਹੇਠਲੇ ਜਲ ਮਾਰਗਾਂ ਦੀ ਸੁਚੱਜੀ ਸਫ਼ਾਈ ਅਤੇ ਜਮ੍ਹਾਂ ਹੋਈ ਗਾਰ ਦੇ ਢੇਰਾਂ ਨੂੰ ਹਟਾਉਣ ਲਈ ਢੁਕਵੇਂ ਤਰੀਕੇ ਅਪਣਾਉਣ ਲਈ ਕਿਹਾ। ਇਸ ਤੋਂ ਇਲਾਵਾ ਭਾਰੀ ਮੀਂਹ ਦੌਰਾਨ ਅਕਸਰ ਦਰਿਆਵਾਂ ਖਾਸ ਤੌਰ `ਤੇ ਘੱਗਰ ਦਰਿਆ ਵਿੱਚ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਦੀ ਵੀ ਤਾਕੀਦ ਕੀਤੀ। ਮੁੱਖ ਇੰਜਨੀਅਰ ਡਰੇਨੇਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਲਈ 67 ਲੱਖ ਰੁਪਏ ਦੀ ਰਾਸ਼ੀ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ।

ਇਸਦੇ ਨਾਲ ਹੀ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਇਹ ਵੀ ਕਿਹਾ ਕਿ ਮਾਨਸੂਨ ਸੀਜ਼ਨ ਦੀ ਆਮਦ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮਾਂ ਨੂੰ ਜੰਗੀ ਪੱਧਰ ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਨੂੰ ਸਪੱਸ਼ਟ ਕੀਤਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪੂਰਾ ਤਾਲਮੇਲ ਕਰਦਿਆਂ ਸੂਬੇ ਭਰਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਨਿਯਮਤ ਤੌਰ `ਤੇ ਨਜ਼ਰਸਾਨੀ ਕੀਤੀ ਜਾਵੇ।

ਸੂਬੇ ਵਿੱਚ ਹੜ੍ਹਾਂ ਕਾਰਨ ਮਨੁੱਖੀ ਜਿੰਦਗੀਆਂ,ਪਸ਼ੂ ਧਨ, ਜਾਇਦਾਦਾਂ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਵਿੱਚ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਵਾਂਗ ਕੋਈ ਮਾਰੂ ਵਰਤਾਰਾ ਜਾਂ ਘਟਨਾ ਮੁੜ ਨਾ ਵਾਪਰੇ। ਉਨ੍ਹਾਂ ਸਾਰੇ ਲੋੜੀਂਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ ਅਗਾਊਂ ਚੇਤਾਵਨੀਆਂ ਜਾਰੀ ਕਰਨ ਵਾਲੀ ਮਜ਼ਬੂਤ ਪ੍ਰਣਾਲੀ ਦੀ ਮਹੱਤਤਾਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਵਾਟਰ ਫਰੰਟ ਵਿਕਸਤ ਕਰਨ ਲਈ ਸਾਈਟਾਂ (ਥਾਵਾਂ) ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵਾਟਰ ਸਪੋਰਟਸ ਨੂੰ ਵਿਕਸਤ ਕਰਨ `ਤੇ ਧਿਆਨ ਕੇਂਦ੍ਰਿਤ ਕਰਕੇ ਸੈਰ-ਸਪਾਟੇ ਦੀਆਂ ਹੋਰ ਸੰਭਾਵਨਾਵਾਂ ਦਾ ਹੋਰ ਸੁਚਾਰੂ ਢੰਗ ਨਾਲ ਲਾਭ ਲਿਆ ਜਾ ਸਕੇ। ਉਨ੍ਹਾਂ ਨੇ ਜੰਗਲਾਤ ਵਿਭਾਗ ਨੂੰ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਮੌਕੇ ਤਲਾਸ਼ਣ ਲਈ ਵੀ ਕਿਹਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ. ਕੇ ਯਾਦਵ ਅਤੇ ਮੁੱਖ ਇੰਜੀਨੀਅਰ ਡਰੇਨੇਜ ਦਵਿੰਦਰ ਸਿੰਘ ਸ਼ਾਮਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਸਰਕਾਰ ਨੇ ਸੁਰੱਖਿਆ ਪੱਖੋਂ ਅਹਿਮ ਦਫ਼ਤਰਾਂ ਨੂੰ ਛੱਡ ਕੇ ਬਾਕੀ ਸਾਰੇ ਦਫ਼ਤਰਾਂ ਵਿੱਚ ਮੋਬਾਈਲ ਫੋਨ ਲਿਜਾਣ ਦੀ ਦਿੱਤੀ ਆਗਿਆ

ਸਿਆਸੀ ਆਗੂ ਕੂੜ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ : ਸੁਨੀਲ ਜਾਖੜ