ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜ਼ਾ ਘਟਨਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਹੀ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਿਉਂ ਵਾਪਰੀਆਂ ? ਇਹ ਦਲੀਲ ਦਿੰਦਿਆਂ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਹਨ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਵੀ ਕਿਹਾ ਕਿ ਮਜੀਠੀਆ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਸਾਰੀਆਂ ਬੇਅਦਬੀ ਵਾਲੀਆਂ ਘਟਨਾਵਾਂ ਅਤੇ ਧਮਾਕੇ ਕਿਉਂ ਹੋ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਹਾਲ ਹੀ ਵਿੱਚ ਵਾਪਰੀਆਂ ਘਿਨਾਉਣੀਆਂ ਘਟਨਾਵਾਂ ਦੀ ਜਾਂਚ ਇਸ ਪੱਖੋਂ ਵੀ ਕਰ ਰਹੇ ਹਾਂ।” ਉਹਨਾਂ ਅੱਗੇ ਕਿਹਾ ਕਿ ਸਿਰਫ ਇੱਕ ਕੇਸ ਨੇ ਮਜੀਠੀਆ ਨੂੰ ਲੁਕਣ ਲਈ ਮਜ਼ਬੂਰ ਕਰ ਦਿੱਤਾ ਹੈ ਅਤੇ ਜੇਕਰ ਅਕਾਲੀ ਆਗੂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਸ ਨੂੰ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ‘ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਵਾਂ ਨੇ ਵੱਡੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ ਅਤੇ ਨਸ਼ਾ ਤਸਕਰੀ ਅਤੇ ਬੇਅਦਬੀ ਵਾਲੀਆਂ ਘਟਨਾਵਾਂ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਦੇ ਨਾਮ ਨੂੰ ਗੰਦਲਾ ਕੀਤਾ ਹੈ।
ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਡਰੱਗ ਮਾਮਲੇ ‘ਚ ਮਜੀਠੀਆ ਤੋਂ ਮੁਆਫੀ ਮੰਗੀ ਸੀ ਜਦਕਿ ਕੇਜਰੀਵਾਲ ਨੇ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਆਗੂ ‘ਤੇ ਨਸ਼ਾ ਤਸਕਰੀ ਦੇ ਦੋਸ਼ ਲਗਾ ਕੇ ਵੋਟਾਂ ਮੰਗੀਆਂ ਸਨ। ਹੁਣ ਭਗਵੰਤ ਮਾਨ ਅਤੇ ਹੋਰ ‘ਆਪ’ ਆਗੂਆਂ ਨੂੰ ਨਸ਼ਾ ਤਸਕਰ ਮਜੀਠੀਆ ਦਾ ਸਾਥ ਦੇਣ ਲਈ ਸੂਬੇ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨੇ ਨਸ਼ਿਆਂ ਦੇ ਕਾਰੋਬਾਰ ਦਾ ਸਰਗਨਾ ਬਣ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਰੈਲੀ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਿਸ ਦਾ ਨਾਮ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਮੁੱਲਾਂਪੁਰ ਦਾਖਾ ਨੂੰ ਸਬ ਡਵੀਜ਼ਨ ਬਣਾਉਣ, ਲਤਾਲਾ ਲਈ ਇੱਕ ਆਈ.ਟੀ.ਆਈ., ਸਿੱਧਵਾਂ ਬੇਟ ਵਿਖੇ ਸਰਕਾਰੀ ਡਿਗਰੀ ਕਾਲਜ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਦੇਣ ਦਾ ਐਲਾਨ ਕੀਤਾ। ਅਗਾਮੀ ਚੋਣਾਂ ਦੌਰਾਨ ਕੈਪਟਨ ਸੰਦੀਪ ਸੰਧੂ ਦਾ ਸਾਥ ਦੇਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਚੰਨੀ ਨੇ ਕਿਹਾ ਕਿ ਕੈਪਟਨ ਸੰਧੂ ਨੇ ਜ਼ਿਮਨੀ ਚੋਣ ਹਾਰਨ ਦੇ ਬਾਵਜੂਦ ਦਾਖਾ ਹਲਕੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿਰਫ ਤਿੰਨ ਮਹੀਨਿਆਂ ਵਿੱਚ ਅਜਿਹੇ ਲੋਕ ਪੱਖੀ ਫੈਸਲੇ ਲਏ ਗਏ ਹਨ ਜੋ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਹੀਂ ਲਏ ਗਏ। ਉਨਾਂ ਹਲਕੇ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨਾਂ ਇਹ ਵੀ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਸਿਹਰਾ ਉਨਾਂ ਦੇ ਵਿਕਾਸ ਕੇਂਦਰਤ ਅਤੇ ਭਵਿੱਖਮੁਖੀ ਯਤਨਾਂ ਸਿਰ ਬੰਨਿਆ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਹਾਲ ਹੀ ਵਿੱਚ ਦਰਜ ਐਫ.ਆਈ.ਆਰ. ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਬਣਦੀ ਤੇ ਮਿਸਾਲੀ ਸਜਾ ਦਿੱਤੀ ਜਾਣੀ ਚਾਹੀਦੀ ਹੈ।
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸੀ ਵਰਕਰਾਂ ਨੂੰ ਚੋਣਾਂ ਦੌਰਾਨ ਇੱਕਜੁੱਟ ਹੋ ਕੇ ਸਾਹਮਣੇ ਆਉਣ ਲਈ ਕਿਹਾ। ਉਨਾਂ ਨੇ ਚੋਣਾਂ ਦੌਰਾਨ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ ਦਲ-ਬਦਲੂਆਂ ਤੇ ਗ਼ੈਰ-ਭਰੋਸੇਯੋਗਾਂ ਲਈ ਬਾਹਰ ਦਾ ਰਸਤਾ ਦਿਖਾਉਣ ਲਈ ਮੁੱਖ ਮੰਤਰੀ ਨੂੰ ਅਪੀਲ ਵੀ ਕੀਤੀ ਅਤੇ ਲੋਕਾਂ ਨੂੰ ਦਾਖਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਸੰਦੀਪ ਦੇ ਹੱਕ ਖੜਨ ਦਾ ਸੱਦਾ ਦਿੱਤਾ।
https://www.facebook.com/thekhabarsaar/