ਚੰਡੀਗੜ੍ਹ, 5 ਫਰਵਰੀ 2022 – ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸੇ ਲਈ ਇਹ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਉਹ ਦਿਨ ਵੀ ਡਰਾਈ ਡੇਅ ਰਹੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਅਤੇ ਆਬਕਾਰੀ ਸਕੱਤਰ ਨੂੰ ਪੱਤਰ ਲਿਖ ਕੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ।
ਇਸ ਦੌਰਾਨ ਚੋਣ ਕਮਿਸ਼ਨ ਦਾ ਇਹ ਹੁਕਮ ਪੰਜਾਬ ਨਾਲ ਲੱਗਦੇ ਰਾਜਾਂ ਦੀ ਸਰਹੱਦ ‘ਤੇ ਖੁੱਲ੍ਹਣ ਵਾਲੇ ਠੇਕਿਆਂ ‘ਤੇ ਵੀ ਲਾਗੂ ਹੋਵੇਗਾ। ਪੰਜਾਬ ਦੀ ਸਰਹੱਦ ਜੰਮੂ ਅਤੇ ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਲੱਗਦੀ ਹੈ। ਇੱਥੇ ਵੀ ਇਸ ਦੌਰਾਨ ਡਰਾਈ ਡੇਅ ਰਹੇਗਾ।
ਪੰਜਾਬ ਵਿੱਚ ਚੋਣ ਕਮਿਸ਼ਨ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਹੁਣ ਤੱਕ 16.50 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ। ਚੋਣ ਕਮਿਸ਼ਨ ਵੱਲੋਂ ਨਸ਼ਿਆਂ ਨੂੰ ਫੜਨ ਲਈ ਹਰ ਜ਼ਿਲ੍ਹੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੀ ਗੁਆਂਢੀ ਰਾਜਾਂ ਦੀ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਮਦਦ ਨਾਲ ਨਸ਼ੇ ਨੂੰ ਰੋਕਣ ਲਈ ਯਤਨਸ਼ੀਲ ਹੈ।