ਟਿਕਰੀ ਬਾਰਡਰ, 23 ਜਨਵਰੀ 2021: ਦਿੱਲੀ ਦੇ ਟਿੱਕਰੀ ਬਾਰਡਰ ਮੋਰਚੇ ਤੋਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਿੱਲੀ ਮੋਰਚੇ ’ਚ ਸ਼ਾਮਲ ਹੋਣ ਲਈ ਗਿਆ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ ਦਾ ਕਿਸਾਨ ਸ਼ਹੀਦ ਹੋ ਗਿਆ ਹੈ। ਕਿਸਾਨ ਭੋਲਾ ਸਿੰਘ ਪੁੱਤਰ ਭਜਨ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਮੋਰਚੇ ’ਚ ਕਾਫੀ ਦਿਨ ਪਹਿਲਾਂ ਸ਼ਾਮਲ ਹੋਇਆ ਸੀ। ਲੰਘੀ ਰਾਤ ਭੋਲਾ ਸਿੰਘ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਨੂੰ ਬਚਾਇਆ ਨਾ ਜਾ ਸਕਿਆ। ਕਿਸਾਨ ਭੋਲਾ ਸਿੰਘ ਸਿਰ 8 ਲੱਖ ਰੁਪਏ ਤੋਂ ਵੱਧ ਦਾ ਕਰਜਾ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਦਾ ਕਹਿਣਾ ਸੀ ਕਿ ਸ਼ਹੀਦ ਕਿਸਾਨ ਭੋਲਾ ਸਿੰਘ ਦੇ ਪ੍ਰੀਵਾਰ ਸਿਰ ਚੜਿਆ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ ਅਤੇ ਪ੍ਰੀਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਇੱਕ ਜੀਅ ਨੂੰ ਸਰਕਾਰ ਨੌਕਰੀ ਦਿੱਤੀ ਜਾਵੇ।