ਅੰਮ੍ਰਿਤਸਰ, 12 ਮਾਰਚ 2022 – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਾਨਕਸ਼ਾਹੀ ਸੰਮਤ 554 (ਸਾਲ 2022-23) ਦਾ ਕੈਲੰਡਰ ਜਾਰੀ ਕੀਤਾ। ਨਾਨਕਸ਼ਾਹੀ ਕਲੰਡਰ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀ ਮੌਜੂਦਗੀ ‘ਚ ਅਕਾਲ ਤਖ਼ਤ ਸਕੱਤਰੇਤ ਵਿਖੇ ਸੰਗਤ ਅਰਪਿਤ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਤਸਵੀਰ ਵਾਲੇ ਇਸ ਕਲੰਡਰ ਦੀ ਰਿਲੀਜ਼ ਰਸਮ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਅਕਾਲ ਤਖਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਅਜਾਇਬ ਸਿੰਘ ਅਭਿਆਸੀ ਤੇ ਪ੍ਰਤਾਪ ਸਿੰਘ ਅਤੇ ਵੱਡੀ ਗਿਣਤੀ ’ਚ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।
ਇਸ ਦੇ ਨਾਲ ਹੀ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਇਸ ਵਾਰ ਇਸ ਕੈਲੰਡਰ ਦੇ ਵਿੱਚ ਸਾਕਾ ਪੰਜਾ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਵੀ ਇਸ ਕੈਲੰਡਰ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਗੁਰੂ ਕੇ ਲਾਹੌਰ ਵਾਲੇ ਦਿਨ ਵੀ ਇਸ ਕੈਲੰਡਰ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਤੀਸਰਾ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਵਸੇਬਾ ਛੱਡਿਆ ਸੀ। ਉਸ ਦਿਨ ਨੂੰ ਵੀ ਇਸ ਕੈਲੰਡਰ ਵਿੱਚ ਲਿਆਂਦਾ ਗਿਆ ਹੈ ਅਤੇ ਕੈਲੰਡਰ ਸੰਗਤ ਅਰਪਣ ਕਰਨ ਮੌਕੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਗਤਾਂ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ।