- ਕੇਂਦਰ ਨੂੰ ਇਹ ਮੁੱਦਾ ਵੱਕਾਰ ਤੇ ਹਊਮੇ ਦਾ ਸਵਾਲ ਨਾ ਬਣਾਉਣ ਲਈ ਕਿਹਾ, ਕਿਸਾਨਾਂ ਦੀ ਰਾਖੀ ਲਈ ਕੁੱਝ ਵੀ ਕਰਨ ਦਾ ਐਲਾਨ
- ਕੈਬਨਿਟ ਵੱਲੋਂ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਉਣ ਦੀ ਮੰਗ ਕਰਦਾ ਮਤਾ ਪਾਸ, ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 14 ਜਨਵਰੀ 2021 – ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ। ਕੈਬਨਿਟ ਨੇ ਇਹ ਵੀ ਸਾਫ ਕੀਤਾ ਕਿ ਇਹੋ ਕਦਮ ਚੁੱਕਣ ਨਾਲ ਮੌਜੂਦਾ ਸਮੱਸਿਆ ਦਾ ਨਿਪਟਾਰਾ ਹੋ ਸਕਦਾ ਹੈ।
ਸੂਬਾਈ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹੈ। ਮੰਤਰੀ ਮੰਡਲ ਦੇ ਮੈਂਬਰਾਂ ਨੇ ਇਕ ਸੁਰ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁਸ਼ਕਲ ਹਾਲਾਤ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਇਕੋ-ਇਕ ਹੱਲ ਹੈ। ਮੰਤਰੀ ਮੰਡਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਇਸ ਦੇ ਬਾਵਜੂਦ ਬੀਤੇ ਕਈ ਦਿਨਾਂ ਤੋਂ ਆਪਣੀ ਉਪਜ ਦਾ ਬਹੁਤ ਹੀ ਘੱਟ ਮੁੱਲ ਮਿਲ ਰਿਹਾ ਹੈ।
ਮੀਟਿੰਗ ਦੀ ਸ਼ੁਰੂਆਤ ਮੌਕੇ ਮੰਤਰੀ ਮੰਡਲ ਨੇ ਕਿਸਾਨੀ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਇਸ ਕਿਸਾਨੀ ਸੰਘਰਸ਼ ਦੌਰਾਨ ਅਜੇ ਤੱਕ ਲੱਗਭੱਗ 78 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੈਬਨਿਟ ਨੇ ਇਹ ਵੀ ਕਿਹਾ ਕਿ ਇਸ ਸੰਘਰਸ਼ ਮੌਕੇ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਇਸ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਇਹ ਮਸਲਾ ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਹੋਈ ਅੱਠ ਪੜਾਵਾਂ ਦੀ ਗੱਲਬਾਤ ਦੌਰਾਨ ਵਿਚਾਰਿਆ ਜਾ ਚੁੱਕਿਆ ਹੈ।
ਇਹ ਸਪੱਸ਼ਟ ਕਰਦੇ ਹੋਏ ਕਿ ਸੁਪਰੀਮ ਕੋਰਟ ਨੇ ਵੀ ਸੰਘਰਸ਼ਸੀਲ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਹੈ ਅਤੇ ਉਨ੍ਹਾਂ ਦੇ ਦਰਦ ਤੇ ਪੀੜਾ ਨੂੰ ਪ੍ਰਮਾਣਿਤ ਕੀਤਾ ਹੈ, ਵਜ਼ਾਰਤ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਸਲੇ ਨੂੰ ਵੱਕਾਰ ਤੇ ਹਊਮੇ ਦਾ ਸਵਾਲ ਨਹੀਂ ਬਣਾਉਣਾ ਚਾਹੀਦਾ ਕਿਉਂ ਜੋ ਜੇਕਰ ਇਹ ਮੁੱਦਾ ਅਣਸੁਲਝਿਆ ਰਿਹਾ ਤਾਂ ਇਸ ਨਾਲ ਕਈ ਦਹਾਕਿਆਂ ਤੱਕ ਦੇਸ਼ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਕੈਬਨਿਟ ਮੰਤਰੀਆਂ ਜਿਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਏ, ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਾਨੂੰਨਾਂ ਵਿੱਚ ਵੱਡੇ ਪੱਧਰ ਉਤੇ ਬਦਲਾਅ ਕਰ ਸਕਦੀ ਹੈ ਤਾਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਜ਼ਿੱਦਬਾਜ਼ੀ ਸਮਝ ਤੋਂ ਬਾਹਰ ਹੈ।
ਇਕ ਰਸਮੀ ਮਤੇ ਵਿੱਚ ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਗਏ ਮਤਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਮੰਤਰੀ ਮੰਡਲ ਨੇ ਭਾਰਤ ਸਰਕਾਰ ਨੂੰ ਇਹ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ ਕਿਉਂ ਜੋ ਭਾਰਤ ਦੇ ਸੰਵਿਧਾਨ ਦੇ ਤਹਿਤ ਖੇਤੀਬਾੜੀ, ਸੂਬਾਈ ਵਿਸ਼ਾ ਹੈ ਅਤੇ ਇਸੇ ਤਰ੍ਹਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ। ਮੰਤਰੀ ਮੰਡਲ ਨੇ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਾਉਣ ਦੇ ਹੁਕਮਾਂ ਦਾ ਸਵਾਗਤ ਕੀਤਾ ਜਿਸ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਗਿਆ ਜੋ ਕਿ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀ ਪੀੜਾ ਅਤੇ ਗੁੱਸੇ ਨੂੰ ਪ੍ਰਮਾਣਿਤ ਕਰਦੇ ਹਨ।
ਮਤੇ ਮੁਤਾਬਕ,”ਸਾਰੀਆਂ ਸਬੰਧਤ ਧਿਰਾਂ ਨਾਲ ਵਿਸਥਾਰਤ ਤੌਰ ‘ਤੇ ਸੰਵਾਦ ਰਚਾਉਣ ਅਤੇ ਵਿਚਾਰ-ਚਰਚਾ ਕੀਤੇ ਜਾਣ ਦੀ ਲੋੜ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਭਰ ਵਿਚ ਲੱਖਾਂ ਹੀ ਕਿਸਾਨਾਂ ਦੇ ਭਵਿੱਖ ਉਤੇ ਅਸਰ ਪਿਆ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।”
ਪੰਜਾਬ ਮੰਤਰੀ ਮੰਡਲ ਨੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ 12 ਜਨਵਰੀ, 2021 ਨੂੰ ਤਿੰਨ ਖੇਤੀ ਕਾਨੂੰਨਾਂ ‘ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਐਕਟ’, ‘ਜ਼ਰੂਰੀ ਵਸਤਾਂ (ਸੋਧ) ਐਕਟ’ ਅਤੇ ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ’ ਉੱਤੇ ਰੋਕ ਲਾਉਣ ਦੇ ਹੁਕਮ ਨੂੰ ਧਿਆਨ ਹਿੱਤ ਲਿਆ।
ਮੰਤਰੀ ਮੰਡਲ ਨੇ ਕਿਸਾਨਾਂ ਦੁਆਰਾ ਜਮਹੂਰੀ ਪ੍ਰੰਪਰਾਵਾਂ ਮੁਤਾਬਕ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਜਿਸ ਦਾ ਭਾਰਤ ਦੀ ਸਰਵ-ਉੱਚ ਅਦਾਲਤ ਨੇ ਵੀ ਨੋਟਿਸ ਲਿਆ ਹੈ।
ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਇਸ ਮੁੱਦੇ ‘ਤੇ ਵਿਚਾਰ-ਚਰਚਾ ਕਰਨ ਦੇ ਇਕ-ਨੁਕਾਤੀ ਏਜੰਡੇ ਉਪਰ ਸੱਦੀ ਸੀ।