- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਪਾਸੋਂ ਦਖ਼ਲ ਦੀ ਕੀਤੀ ਮੰਗ
ਅੰਮ੍ਰਿਤਸਰ, 3 ਮਾਰਚ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰੋੜਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਪ੍ਰੋ. ਭੁੱਲਰ ਮਾਮਲੇ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਨੂੰ ਰੱਦ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੀਖਿਆ ਬੋਰਡ ਨੇ ਇਹ ਬਿਲਕੁਲ ਸਪੱਸ਼ਟ ਨਹੀਂ ਕੀਤਾ ਕਿ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਉਨ੍ਹਾਂ ਨੂੰ ਕੀ ਮੁਸ਼ਕਲ ਹੈ।
ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਚੋਣਾਂ ਦੌਰਾਨ ਕੇਜਰੀਵਾਲ ਅਤੇ ਉਸ ਦੀ ਪਾਰਟੀ ਦੇ ਆਗੂ ਸਮੀਖਿਆ ਬੋਰਡ ਦੀ ਹੋਣ ਵਾਲੀ ਬੈਠਕ ਵਿਚ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਨਿਰਣਾ ਲੈਣ ਦੀ ਗੱਲ ਕਰਦੇ ਰਹੇ, ਜਦਕਿ ਦੂਸਰੇ ਪਾਸੇ ਬੋਰਡ ਦੀ ਮੀਟਿੰਗ ਦੌਰਾਨ ਫੈਸਲਾ ਇਸ ਦੇ ਉਲਟ ਕੀਤਾ ਗਿਆ। ਇਹ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਸਿੱਖਾਂ ਪ੍ਰਤੀ ਸੱਚ ਹੈ, ਜਿਸ ਤੋਂ ਉਹ ਮੁਨਕਰ ਨਹੀਂ ਹੋ ਸਕਣਗੇ। ਐਡਵੋਕੇਟ ਧਾਮੀ ਨੇ ਆਖਿਆ ਕਿ ਕੇਜਰੀਵਾਲ ਹਮੇਸ਼ਾ ਹੀ ਸਿੱਖ ਵਿਰੋਧੀ ਰਿਹਾ ਹੈ ਅਤੇ ਇਸੇ ਦਾ ਹੀ ਪ੍ਰਮਾਣ ਹੈ ਕਿ ਉਸ ਨੇ ਦਿੱਲੀ ਸਰਕਾਰ ਅੰਦਰ ਇਕ ਵੀ ਸਿੱਖ ਵਜੀਰ ਨਹੀਂ ਲਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਲੰਮੀਆਂ ਸਜ਼ਾਵਾਂ ਕੱਟ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਅਤੇ ਇਸ ਸਬੰਧੀ ਜਾਰੀ ਕੀਤੀ ਗਈ ਸੂਚੀ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਨਾਂ ਵੀ ਸ਼ਾਮਲ ਸੀ। ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਦੇ ਇਸ ਫੈਸਲੇ ਵਿਰੁੱਧ ਜਾ ਕੇ ਦਿੱਲੀ ਸਰਕਾਰ ਸਿੱਖਾਂ ਨਾਲ ਧੱਕਾ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਕੇਜਰੀਵਾਲ ਵੱਲੋਂ ਕੀਤੀਆਂ ਜਾ ਰਹੀਆਂ ਸਿੱਖ ਵਿਰੋਧੀ ਕਾਰਵਾਈਆਂ ’ਤੇ ਰੋਕ ਲਗਾਉਣ ਲਈ ਦਖ਼ਲ ਦੇਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮਾਮਲੇ ਵਿਚ ਦਿੱਲੀ ਸਰਕਾਰ ਨੂੰ ਆਦੇਸ਼ ਜਾਰੀ ਕਰਨ, ਤਾਂ ਜੋ ਦਹਾਕਿਆਂ ਤੋਂ ਜੇਲ੍ਹ ਵਿਚ ਬੰਦ ਸਿੱਖ ਜਲਦ ਰਿਹਾਅ ਹੋ ਸਕਣ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਦੇ ਮਾਮਲੇ ਵਿਚ ਦਿੱਲੀ ਦੀ ਸਰਕਾਰ ਨੂੰ ਭਾਰਤ ਸਰਕਾਰ ਸਖ਼ਤ ਹਦਾਇਤਾਂ ਜਾਰੀ ਕਰੇ।