- ਹੜ੍ਹਾਂ ਕਾਰਨ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਤੋਂ ਵੱਧ ਪਿੰਡ ਹੋਏ ਪ੍ਰਭਾਵਿਤ
- ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਪੂਰਤੀ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 30 ਜੁਲਾਈ 2023 – ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਇੱਥੇ ਸ਼ਨਿੱਚਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕੀਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹੋਰ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਆਗੂਆਂ ਨੇ ਵੀ ਆਪੋ-ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਅਤੇ ਵਫ਼ਦਾਂ ਨੇ ਰਾਜਪਾਲ ਪੁਰੋਹਿਤ ਨਾਲ ਮੀਟਿੰਗ ਕਰਕੇ ਹੜ੍ਹਾਂ ਕਾਰਨ ਸੂਬੇ ਨੂੰ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ।