ਪੰਜਾਬ ਵਿੱਚ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਚੱਲ ਰਹੇ ਸਨ। ਆਪਣਾ ਮਾਨ ਭੱਤਾ ਵਧਾਉਣ ਅਤੇ ਹੋਰ ਸੇਵਾਵਾਂ ਲਈ ਲਗਾਤਾਰ ਧਰਨੇ ਦਿੱਤੇ ਜਾ ਰਹੇ ਸਨ। ਸਾਰੀਆਂ ਮੰਗਾ ਵਿਚਾਰਕੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਵੱਡਾ ਕਦਮ ਚੁੱਕਿਆ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ।
ਇਸ ਤੋਂ ਬਾਅਦ, ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਰੋਸ ਪ੍ਰਦਰਸ਼ਨ ਲਈ ਦੀਨਾਨਗਰ (ਗੁਰਦਾਸਪੁਰ) ਵਿਖੇ ਇਕੱਤਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਪ੍ਰਦਰਸ਼ਨ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਅਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਅਤੇ ਸਰਕਾਰ ਦਾ ਧੰਨਵਾਦ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀ 40 ਫੀਸਦੀ ਹਿੱਸੇਦਾਰੀ ਦੇ ਹਿਸਾਬ ਨਾਲ ਮਾਣ ਭੱਤਾ ਵਧਾਉਣ ਦਾ ਫੈਸਲਾ ਕੀਤਾ ਹੈ।
ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਦੱਸਿਆ ਕਿ “ਹੁਣ 26074 ਆਂਗਨਵਾੜੀ ਵਰਕਰਾਂ ਨੂੰ ਪ੍ਰਤੀ ਮਹੀਨਾ 600 ਰੁਪਏ ਹੋਰ ਮਿਲਣਗੇ, ਜਦੋਂ ਕਿ 1240 ਮਿੰਨੀ ਆਂਗਨਵਾੜੀ ਵਰਕਰਾਂ ਨੂੰ ਵਧੇ ਹੋਏ ਮਾਣ ਭੱਤੇ ਦੇ ਰੂਪ ਵਿੱਚ 500 ਰੁਪਏ ਹੋਰ ਮਿਲਣਗੇ ਅਤੇ 26074 ਆਂਗਨਵਾੜੀ ਹੈਲਪਰਾਂ ਹਰ ਮਹੀਨੇ 300 ਰੁਪਏ ਹੋਰ ਮਾਣਭੱਤੇ ਵਜੋਂ ਪ੍ਰਾਪਤ ਕਰਨ ਦੇ ਯੋਗ ਹੋਣਗੀਆਂ।“
ਕੈਬਿਨਟ ਮੰਤਰੀ ਅਰੁਣਾ ਚੌਧਰੀ ਨੇ ਇਸ ਮੰਗ ਨੂੰ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀ ਮੰਨਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਇਹ ਮੁੱਦਾ ਉਠਾਇਆ ਸੀ। ਪ੍ਰਸਤਾਵ ‘ਤੇ ਮੁੱਖ ਮੰਤਰੀ ਦੀ ਹਰੀ ਝੰਡੀ ਮਿਲਣ ਤੋਂ ਬਾਅਦ, 28 ਜੁਲਾਈ ਨੂੰ ਵਿੱਤ ਮੰਤਰੀ ਨਾਲ ਵਿਚਾਰ-ਵਟਾਂਦਰਾ ਹੋਇਆ। ਅਰੁਣਾ ਚੌਧਰੀ ਨੇ ਦੱਸਿਆ ਕਿ ਵਿੱਤ ਵਿਭਾਗ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਨੇ ਇਸ ਸਬੰਧ ਵਿੱਚ ਪੱਤਰ ਜਾਰੀ ਕੀਤਾ ਹੈ। ਇਸ ਦੌਰਾਨ ਮੁੱਖ ਮੰਗ ਪੂਰੀ ਹੋਣ ਉਤੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਆਪਣਾ ਪ੍ਰਦਰਸ਼ਨ ਵਾਪਸ ਲੈ ਲਿਆ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ