- ਗੁਰਦੁਆਰਾ ਸਾਹਿਬ ਨੇੜੇ ਸੰਗਤ ਨੂੰ ਪ੍ਰੇਸ਼ਾਨ ਕਰਨ ਵਾਲੇ ਰੈਸਟੋਰੈਂਟ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਮੰਗੀ
- ਜੋਧਪੁਰ ਦੇ ਇਸ ਰੈਸਟੋਰੈਂਟ ਵੱਲੋਂ ਗਾਹਕਾਂ ਨੂੰ ਸੜਕ ’ਤੇ ਦਿੱਤੀ ਜਾਂਦੀ ਹੈ ਸ਼ਰਾਬ
ਅੰਮ੍ਰਿਤਸਰ, 8 ਫ਼ਰਵਰੀ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਦੇ ਜੋਧਪੁਰ ਅੰਦਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਜ਼ਦੀਕ ਇਕ ਰੈਸਟੋਰੈਂਟ ਕਾਰਨ ਸੰਗਤ ਨੂੰ ਆਉਂਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਇਸ ਨੂੰ ਬੰਦ ਕਰਵਾਉਣ ਲਈ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਪੱਤਰ ਲਿਖਿਆ ਹੈ। ਜੋਧਪੁਰ ਦੀ ਸੰਗਤ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਕੋਲ ਉਠਾਇਆ ਗਿਆ ਸੀ। ਸੰਗਤ ਨੇ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਸੀ ਕਿ ਜੋਧਪੁਰ ਦੇ ਸਿੰਧੀ ਕਾਲੋਨੀ (ਸ਼ਾਸ਼ਤਰੀ ਨਗਰ) ਵਿਚ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਬਣੇ ਇਕ ਰੈਸਟੋਰੈਂਟ ਵੱਲੋਂ ਸੜਕ ਉੱਪਰ ਹੀ ਲੋਕਾਂ ਨੂੰ ਸ਼ਰੇਆਮ ਸ਼ਰਾਬ ਦਿੱਤੀ ਜਾਂਦੀ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੀਆਂ ਸੰਗਤਾਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸਤਬੀਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਰਾਜਸਥਾਨ ਦੀਆਂ ਸੰਗਤਾਂ ਨੇ ਸ਼ਿਕਾਇਤ ਭੇਜੀ ਸੀ ਕਿ ਜੋਧਪੁਰ ਅੰਦਰ ਸਿੰਧੀ ਕਲੋਨੀ ਸ਼ਾਸਤਰੀ ਨਗਰ ’ਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੋਲ ਇਕ ਰੈਸਟੋਰੈਂਟ ਸੜਕ ਉੱਪਰ ਲੋਕਾਂ ਨੂੰ ਸ਼ਰਾਬ ਮੁਹੱਈਆ ਕਰਵਾਉਂਦਾ ਹੈ। ਇਥੇ ਲੋਕ ਆਪਣੀਆਂ ਕਾਰਾਂ ਵਿਚ ਬੈਠ ਕੇ ਸ਼ਰਾਬ ਪੀਂਦੇ ਹਨ ਅਤੇ ਕਈ ਵਾਰ ਝਗੜੇ ਕਰਕੇ ਮਾਹੌਲ ਖਰਾਬ ਹੋ ਰਿਹਾ ਹੈ।
ਪਾਰਕਿੰਗ ਬਿਨਾ ਇਹ ਰੈਸਟੋਰੈਂਟ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਲਈ ਮੁਸ਼ਕਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ। ਸਤਬੀਰ ਸਿੰਘ ਨੇ ਕਿਹਾ ਕਿ ਸੰਗਤ ਅਨੁਸਾਰ ਉਨ੍ਹਾਂ ਨੇ ਇਹ ਮਾਮਲਾ ਸਥਾਨਕ ਪੁਲਿਸ ਦੇ ਧਿਆਨ ਵਿਚ ਵੀ ਲਿਆਂਦਾ ਸੀ, ਪਰ ਹੁਣ ਤੱਕ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਰਾਜਸਥਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਦਾ ਤੁਰੰਤ ਹੱਲ ਕੱਢਿਆ ਜਾਵੇ, ਤਾਂ ਜੋ ਸੰਗਤ ਦੀ ਪ੍ਰੇਸ਼ਾਨੀ ਦੂਰ ਹੋ ਸਕੇ।