ਐਡੀਸ਼ਨਲ ਮੁੱਖ ਸਕੱਤਰ ਵੇਣੂ ਪ੍ਰਸਾਦ ਨੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

  • ਵਿਸ਼ਾਲ ਸਮਾਗਮ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧਾਂ ਤੇ ਜ਼ੋਰ ਦਿੱਤਾ

ਖਟਕੜ ਕਲਾਂ , 13 ਮਾਰਚ,2022 – ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ ਨੇ ਅੱਜ ਇੱਥੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਅਤੇ ਸਮਾਰਕ ਵਿਖੇ ਨਵੇਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ 16 ਮਾਰਚ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਕਾਨਫਰੰਸ ਹਾਲ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਇਸ ਮੈਗਾ ਈਵੈਂਟ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਮੁਕੰਮਲ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ। ਸ੍ਰੀ ਵੇਣੂ ਪ੍ਰਸਾਦ ਨੇ ਕਿਹਾ ਕਿ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਨਾ ਵਰਤੀ ਜਾਵੇ।

ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਸਮਾਗਮ ਵਿੱਚ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਕਈ ਪਤਵੰਤਿਆਂ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ, ਇਸ ਲਈ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਇਸੇ ਤਰ੍ਹਾਂ ਸ੍ਰੀ ਵੇਣੂ ਪ੍ਰਸਾਦ ਨੇ ਕਿਹਾ ਕਿ ਇਸ ਸਮਾਗਮ ਵਿੱਚ ਸੂਬੇ ਭਰ ਤੋਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਲਈ ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਪਤਵੰਤਿਆਂ ਅਤੇ ਹੋਰ ਲੋਕਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪੂਰੇ ਦੇਸ਼ ਦੀ ਨਜ਼ਰ ਇਸ ਮੈਗਾ ਈਵੈਂਟ ਵੱਲ ਹੋਵੇਗੀ, ਇਸ ਲਈ ਹਰ ਤਰ੍ਹਾਂ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਪੂਰੀ ਮੇਹਨਤ ਕਰਨ ਲਈ ਕਿਹਾ। ਸ੍ਰੀ ਵੇਣੂ ਪ੍ਰਸਾਦ ਨੇ ਵਾਹਨਾਂ ਦੀ ਪਾਰਕਿੰਗ, ਲੋਕਾਂ ਲਈ ਰਿਫਰੈਸ਼ਮੈਂਟ ਅਤੇ ਪਾਣੀ, ਸਟੇਜ, ਬਿਜਲੀ ਸਪਲਾਈ, ਪਾਣੀ ਦੀ ਸਪਲਾਈ, ਸੈਨੀਟੇਸ਼ਨ, ਸਿਹਤ, ਕਾਨੂੰਨ ਵਿਵਸਥਾ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਤੋਂ ਪਹਿਲਾਂ ਸ੍ਰੀ ਏ ਵੇਣੂ ਪ੍ਰਸਾਦ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਰਾਜ ਕਮਲ ਚੌਧਰੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਕੇ.ਕੇ. ਯਾਦਵ, ਸਕੱਤਰ ਮੰਡੀ ਬੋਰਡ ਸ੍ਰੀ ਰਵੀ ਭਗਤ, ਏਡੀਜੀਪੀ ਸ੍ਰੀ ਐਮਐਫ ਫਾਰੂਕੀ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸ੍ਰੀ ਸੁਮਿਤ ਜਾਰੰਗਲ, ਡਾਇਰੈਕਟਰ ਪ੍ਰਾਹੁਣਚਾਰੀ ਮੁਨੀਸ਼ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁੱਤ ਦੇ MLA ਬਣਨ ਤੋਂ ਬਾਅਦ ਵੀ ਮਾਂ ਸਕੂਲ ‘ਚ ਝਾੜੂ ਮਾਰਨ ਪੁੱਜੀ, ਲਾਭ ਸਿੰਘ ਨੇ ਚੰਨੀ ਨੂੰ ਹਰਾਇਆ ਸੀ

ਹੋਲਾ ਮੁਹੱਲਾ ਮੌਕੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ