ਜੇ ਬੇਅਦਬੀ ਕੇਸ ‘ਚ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ‘ਤੇ ਕੇਸ ਦਰਜ ਹੁੰਦਾ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਕੈਪਟਨ

  • ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ

ਚੰਡੀਗੜ੍ਹ, 18 ਮਾਰਚ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਜਲਦੀ ਹੀ ਆਪਣੀ ਜਾਂਚ ਮੁਕੰਮਲ ਕਰ ਲਵੇਗੀ ਅਤੇ ਜੇਕਰ ਉਹ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਚਲਾਨ ਪੇਸ਼ ਕਰਨ ਦਾ ਫੈਸਲਾ ਕਰੇਗੀ ਤਾਂ ਉਹ ਦਖਲਅੰਦਾਜ਼ੀ ਨਹੀਂ ਕਰਨਗੇ।

ਮੁੱਖ ਮੰਤਰੀ ਦੀ ਇਹ ਟਿੱਪਣੀ ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਆਈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿੱਚ ਅੰਤਿਮ ਸਪਲੀਮੈਂਟਰੀ ਚਲਾਨ ਜਲਦੀ ਹੀ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਐਸ.ਆਈ.ਟੀ. ਵੱਲੋਂ ਦੋ ਕੇਸਾਂ ਵਿੱਚ 9 ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ।
ਸੂਬਾ ਸਰਕਾਰ ਦੇ ਚਾਰ ਵਰ੍ਹੇ ਪੂਰੇ ਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਜਾਣਬੁੱਝ ਕੇ ਮਾਮਲੇ ਵਿੱਚ ਦੇਰੀ ਕੀਤੀ ਗਈ ਪਰ ਪੰਜਾਬ ਪੁਲਿਸ ਵੱਲੋਂ ਹੁਣ ਫਾਈਲਾਂ ਹਾਸਲ ਕਰ ਲਈਆਂ ਗਈਆਂ ਹਨ ਅਤੇ ਸਭ ਕੁੱਝ ਕੰਟਰੋਲ ਹੇਠ ਹੈ।

ਉਨ੍ਹਾਂ ਕਿਹਾ ਕਿ ਕੇਸਾਂ ਦੀ ਜਾਂਚ ਕਾਨੂੰਨੀ ਸਿੱਟੇ ਤੱਕ ਪੂਰੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਚਾਹੇ ਉਹ ਕੋਈ ਵੀ ਹੋਵੇ।
ਆਪਣੀ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਬਾਰੇ ਉਨ੍ਹਾਂ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ। ਮੀਡੀਆ ਵੱਲੋਂ ਕੀਤੇ ਜਾ ਰਹੇ ਗਲਤ ਦਾਅਵਿਆਂ ਦੇ ਉਲਟ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਕਿਹਾ ਸੀ ਕਿ ਉਹ ਡਰੱਗ ਮਾਫੀਆ ਦਾ ਮੁਕੰਮਲ ਤੌਰ ਉਤੇ ਸਫਾਇਆ ਕਰ ਦੇਣਗੇ। ਉਨ੍ਹਾਂ ਕਿਹਾ, ”ਮੈਂ ਇਹ ਸਪੱਸ਼ਟ ਕਿਹਾ ਸੀ- ਮੈਂ ਨਸ਼ਿਆਂ ਦਾ ਲੱਕ ਤੋੜਾਂਗਾ।”

ਪੰਜਾਬ ਪੁਲਿਸ ਦੇ ਆਪ੍ਰੇਸ਼ਨ ਰੈਡ ਰੋਜ਼ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਥਿਤੀ ਵਿੱਚ ਬਹੁਤ ਸੁਧਾਰ ਹੋਇਆ ਹੈ।
ਇਸੇ ਤਰ੍ਹਾਂ ਗੈਰ-ਕਾਨੂੰਨੀ ਸ਼ਰਾਬ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਨਕਲੀ ਸ਼ਰਾਬ ਦੇ ਦੁਖਾਂਤ ਦੇ ਸਾਰੇ ਦੋਸ਼ੀਆਂ ਅਤੇ ਖੰਨਾ ਗੈਰ-ਕਾਨੂੰਨੀ ਫੈਕਟਰੀ ਕੇਸ ਦੀ ਸ਼ਨਾਖਤ ਕਰ ਕੇ ਚਾਰਜਸ਼ੀਟ ਕਰਨ ਦੇ ਨਾਲ ਸਪਲਾਈ ਚੇਨ ਤੋੜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਕਾਨੂੰਨੀ ਪ੍ਰਣਾਲੀ ਹੌਲੀ ਚੱਲਦੀ ਹੈ ਜਿਸ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਦੇਰੀ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਮਾਫੀਆ (ਰੇਤ, ਸ਼ਰਾਬ, ਟਰਾਂਸਪੋਰਟ, ਨਸ਼ਾ ਆਦਿ) ਨੂੰ ਖਤਮ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਦਾ ਲੱਕ ਬੁਰੀ ਤਰ੍ਹਾਂ ਤੋੜ ਦਿੱਤਾ ਗਿਆ ਹੈ ਪਰ ਉਨ੍ਹਾਂ ਕਿਹਾ ਕਿ ਇਹ ਹੌਲੀ-ਹੌਲੀ ਪ੍ਰਕਿਰਿਆ ਹੈ ਅਤੇ ਇਹ ਇਕ ਦਿਨ ਵਿੱਚ ਨਹੀਂ ਹੋ ਸਕਦਾ।

ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਰੇਤੇ ਰਾਹੀਂ ਹੁੰਦੀ 35 ਕਰੋੜ ਰੁਪਏ ਦੀ ਆਮਦਨ ਮੌਜੂਦਾ ਸਮੇਂ ਵਿੱਚ ਵਧ ਹੋ ਕੇ 350 ਕਰੋੜ ਰੁਪਏ ਤੱਕ ਪੁੱਜ ਜਾਣ ਬਾਰੇ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਗਤੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਹੀ ਹੈ। ਇਸੇ ਤਰ੍ਹਾਂ ਸ਼ਰਾਬ ਦੀ ਖਰੀਦ ਤੋਂ ਆਬਕਾਰੀ ਕਮਾਈ ਜਿਹੜੀ ਅਕਾਲੀ ਸਰਕਾਰ ਸਮੇਂ 4300 ਕਰੋੜ ਰੁਪਏ ਸੀ, ਉਹ ਮੌਜੂਦਾ ਵਿੱਤੀ ਵਰ੍ਹੇ ਵਿੱਚ 7200 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਹ ਸਭ ਕੋਵਿਡ ਦੀ ਸਥਿਤੀ ਕਾਰਨ ਪੈਦਾ ਹੋਈਆਂ ਸਮੱਸਿਆਂ ਦੇ ਬਾਵਜੂਦ ਸੰਭਵ ਹੋਇਆ ਹੈ।
ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਜੋ ਮੌਜੂਦਾ ਸਮੇਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ ਜਿਸ ਦੀ ਉਤਰ ਪ੍ਰਦੇਸ਼ ਵੱਲੋਂ ਸਪੁਰਦਗੀ ਮੰਗੀ ਗਈ ਹੈ, ਖਿਲਾਫ ਅਪਰਾਧਿਕ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਮਲਾ ਅਦਾਲਤ ਦੇ ਅਧੀਨ ਹੈ। ਪਰ ਉਨ੍ਹਾਂ ਕਿਹਾ ਕਿ ਜੇ ਅੰਸਾਰੀ ਨੇ ਪੰਜਾਬ ਵਿੱਚ ਜੁਰਮ ਕੀਤਾ ਹੈ ਤਾਂ ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੀਤਾ-ਬਬੀਤਾ ਫ਼ੌਗਾਟ ਦੀ ਭੈਣ ਨੇ ਕੁਸ਼ਤੀ ਦਾ ਫਾਈਨਲ ਹਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ

ਕੈਪਟਨ ਅਮਰਿੰਦਰ ਨੇ ਸਿਰਜਿਆ ਨਵਾਂ ਨਰੋਆ ਪੰਜਾਬ – ਧਰਮਸੋਤ