ਭਾਜਪਾ ਨਾਲ ਰਲ ਕੇ ਦੋਹਰੇ ਇੰਜਣ ਵਾਲੀ ਸਰਕਾਰ ਚਲਾ ਰਹੇ ਹਨ ਕੈਪਟਨ ਅਮਰਿੰਦਰ : ਅਕਾਲੀ ਦਲ

  • ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ’ਤੇ ਜਾਣ ਬੁੱਝ ਕੇ ਡੀ ਬੀ ਟੀ ਸਕੀਮ ਦਾ ਵਿਰੋਧ ਨਾ ਕਰਨ ਦਾ ਦੋਸ਼ ਲਾਇਆ
  • ਕਿਹਾ ਕਿ ਮਲੋਟ ਘਟਨਾ ਦੌਰਾਨ ਅਮਨ ਕਾਨੁੰਨ ਵਿਵਸਥਾ ਬਣਾਈ ਰੱਖਣ ’ਚ ਨਾਕਾਮ ਰਹਿਣ ’ਤੇ ਡੀ ਜੀ ਪੀ ਤੇ ਮੁਕਤਸਰ ਦੇ ਪੁਲਿਸ ਮੁਖੀ ਨੂੰ ਮੁਅੱਤਲ ਕੀਤਾ ਜਾਵੇ

ਲੁਧਿਆਣਾ, 31 ਮਾਰਚ 2021 – ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਰਲ ਕੇ ਦੋਹਰੇ ਇੰਜਣ ਵਾਲੀ ਸਰਕਾਰ ਚਲਾ ਰਹੇ ਹਨ ਤੇ ਉਹਨਾਂ ਨੇ ਮਲੋਟ ਘਟਨਾ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਵਿਚ ਨਾਕਾਮ ਰਹਿਣ ਕਾਰਨ ਡੀ ਜੀ ਪੀ ਤੇ ਮੁਕਤਸਰ ਦੇ ਪੁਲਿਸ ਮੁਖੀ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ।

ਮਜੀਠੀਆ ਇਥੇ ਸਾਬਕਾ ਐਮ ਸੀ ਸੁਰਿੰਦਰ ਸਿੰਘ ਗਰੇਵਾਲ ਨੂੰ ਲੋਕ ਇਨਸਾਫ ਪਾਰਟੀ ਛੱਡ ਕੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਸ੍ਰੀ ਸੁਰਿੰਦਰ ਗਰੇਵਾਲ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ ਤੇ ਕਿਹਾ ਕਿ ਉਹਨਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਲੋਕ ਇਨਸਾਫ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡਣ ਅਤੇ ਨਾਲੋਂ ਨਾਲ ਪੰਜਾਬ ਵਿਚ ਮਗਰ ਮੱਛ ਦੇ ਹੰਝੂ ਵਹਾਉਣ ਦੇ ਤਰੀਕਿਆਂ ਬਾਰੇ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਦੇ ਵੀ ਜਿਣਸਾਂ ਦੀ ਸਰਕਾਰੀ ਖਰੀਦ ਲਈ ਫਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਨੂੰ ਕਰਨ ਦੀ ਡੀ ਬੀ ਟੀ ਸਕੀਮ ਦਾ ਵਿਰੋਧ ਨਹੀਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਇਹੀ ਆਖਦੇ ਆ ਰਹੇ ਹਨ ਕਿ ਸਕੀਮ ਲਾਗੂ ਕਰਨ ਵਾਸਤੇ ਇਕ ਸਾਲ ਦਾ ਸਮਾਂ ਦਿੱਤਾ ਜਾਵੇ ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਮੋਦੀ ਸਰਕਾਰ ਦੇ ਹੁਕਮਾਂ ’ਤੇ ਇਹ ਸਕੀਮ ਲਾਗੂ ਕਰਨ ਦੀ ਤਿਆਰੀ ਵਿਚ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਕਦੇ ਵੀ ਸਕੀਮ ਪੰਜਾਬ ਵਿਚ ਲਾਗੂ ਕਰਨ ਦਾ ਵਿਰੋਧ ਕਰਨ ਲਈ ਪ੍ਰਧਾਨ ਮੰਤਰੀ ਨੂੰ ਨਹੀਂ ਮਿਲੇ।

ਮਜੀਠੀਆ ਨੇ ਕਿਹਾ ਕਿ ਡੀ ਬੀ ਟੀ ਸਕੀਮ, ਜਿਸ ਤਹਿਤ ਸਦੀਆਂ ਤੋਂ ਚਲਾ ਰਹੀ ਆੜ੍ਹਤੀਆਂ ਰਾਹੀਂ ਅਦਾਇਗੀ ਕਰਨ ਦੀ ਵਿਵਸਥਾ ਦੀ ਥਾਂ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਕਰਨ ਦੀ ਯੋਜਨਾ ਹੈ, ਅਸਲ ਵਿਚ ਕਾਂਗਰਸ ਦੀ ਅਗਵਾਈ ਵਾਲੀ ਯੂ ਪੀ ਏ ਸਰਕਾਰ ਵੇਲੇ ਬਣਾਈ ਗਈ ਸਕੀਮ ਹੈ। ਉਹਨਾਂ ਕਿਹਾ ਕਿ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਕੀਮ ਪੰਜਾਬ ਵਿਚ ਲਾਗੂ ਨਾ ਕਰਨ ਲਈ ਰਾਜ਼ੀ ਕਰ ਲਿਆ ਸੀ।

ਇਕ ਸਵਾਲ ਦੇ ਜਵਾਬ ਵਿਚ ਸ੍ਰੀ ਮਜੀਠੀਆ ਨੇ ਕਿਹਾ ਕਿ ਮਲੋਟ ਘਟਨਾ ਵਿਚ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਨੂੰ ਕਾਂਗਰਸ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਵਿਚ ਅਸਫਲ ਰਹਿਣ ਕਾਰਨ, ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਪ੍ਰਸ਼ਾਸਨ ਸੁੱਤਾ ਪਿਆ ਰਹਿ ਗਿਆ ਤੇ ਸੂਬਾ ਪੁਲਿਸ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਡੀ ਜੀ ਪੀ ਤੇ ਮੁਕਤਸਰ ਜ਼ਿਲ੍ਹਾ ਪੁਲਿਸ ਮੁਖੀ ਨੂੰ ਤੁਰੰਤ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਹਿੰਸਾ ਦੀ ਹਮਾਇਤ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਭਾਜਪਾ ਨੂੰ ਵੀ ਇਸਦੀ ਪੜਚੋਲ ਕਰਨੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਲਈ ਸਥਿਤੀ ਬਣਨ ਹੀ ਕਿਉਂ ਦਿੱਤੀ ਗਈ। ਉਹਨਾਂ ਕਿਹਾ ਕਿ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਪਰ ਕਿਸਾਨਾਂ ’ਤੇ ਇਰਾਦਾ ਕਤਲ ਦੇ ਕੇਸ ਦਰਜ ਕਰਨਾ ਵੀ ਸਰਾਸਰ ਗਲਤ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਅਕਾਲੀ ਦਲ ਨੂੰ ਬਾਲਟੀ ਚੋਣ ਨਿਸ਼ਾਨ ਅਲਾਟ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਕਾਂਗਰਸ, ਆਪ ਤੇ ਭਾਜਪਾ ਵੱਲੋਂ ਰਲ ਕੇ ਰਚੀ ਗਈ ਸਾਜ਼ਿਸ਼ ਦਿੱਲੀ ਹਾਈ ਕੋਰਟ ਵਿਚ ਹਾਰ ਗਈ।

ਮਜੀਠੀਆ ਨੇ ਮੁੱਖ ਮੰਤਰੀ ’ਤੇ ਵਾਰ ਵਾਰ ਲਾਕ ਡਾਊਨ ਲਗਾਉਣ ਕਾਰਨ ਲੋਕਾਂ ਤੀਆਂ ਤਕਲੀਫਾਂ ਵਿਚ ਵਾਧਾ ਕਰਨ ਦਾ ਵੀ ਦੋਸ਼ ਲਾਇਆ ਤੇ ਕਿਹਾ ਕਿ ਇਸ ਨਾਲ ਆਮ ਆਦਮੀ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਉਹਨਾਂ ਕਿਹਾ ਕਿ ਬਜਾਏ ਲਾਕ ਡਾਊਨ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਇਆਂ ਨੂੰ ਆਰਥਿਕ ਪੈਕੇਜ ਦੇ ਕੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਕਦਮ ਚੁੱਕਣ ਦੇ, ਕਾਂਗਰਸ ਸਰਕਾਰ ਵਾਰ ਵਾਰ ਬਿਜਲੀ ਦਰਾਂ ਦੇ ਨਾਲ ਨਾਲ ਪੈਟਰੋਲ ਤੇ ਡੀਜ਼ਲ ’ਤੇ ਵੈਟ ਵਿਚ ਵਾਧਾ ਕਰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਜਿਸ ਨਾਲ ਸੁਬੇ ਵਿਚ ਕੋਈ ਨਿਵੇਸ਼ ਨਹੀਂ ਹੋ ਰਿਹਾ ਤੇ ਪੰਜਾਬ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਹੋ ਰਿਹਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਤੇ ਸ੍ਰੀ ਮਨਪ੍ਰੀਤ ਸਿੰਘ ਇਯਾਲੀ ਵੀ ਉਹਨਾਂ ਨਾਲ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਡਿਫਾਲਟਰ ਸ਼ਹਿਰੀ ਵਿਕਾਸ ਅਲਾਟੀਆਂ ਲਈ ਅਮੈਨੇਸਟੀ ਸਕੀਮ ਦਾ ਐਲਾਨ

Captain Amarinder Singh

ਜੇ ਕੋਵਿਡ ਦੀ ਸਥਿਤੀ ‘ਚ ਇਕ ਹਫਤੇ ਵਿੱਚ ਸੁਧਾਰ ਨਾ ਹੋਇਆ ਤਾਂ ਹੋਰ ਸਖਤ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ – ਕੈਪਟਨ