- ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਵੀ ਸੀਨੀਅਰ ਪੱਤਰਕਾਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 6 ਮਾਰਚ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ, ਜਿਨਾਂ ਦਾ ਸੰਖੇਪ ਬਿਮਾਰੀ ਮਗਰੋਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ, ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮੇਜਰ ਸਿੰਘ (68) ਆਪਣੇ ਪਿੱਛੇ ਪਤਨੀ, ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੇਜਰ ਸਿੰਘ ਨੂੰ ਉੱਘਾ ਪੱਤਰਕਾਰ ਅਤੇ ਚੰਗੇ ਗੁਣਾਂ ਦਾ ਧਾਰਨੀ ਇੱਕ ਵਧੀਆ ਇਨਸਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੇਜਰ ਸਿੰਘ ਨੂੰ ਸੂਬੇ ਦੀ ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਸੂਝ-ਬੂਝ ਤੋਂ ਇਲਾਵਾ ਪੰਜਾਬੀ ਸਭਿਆਚਾਰ ’ਤੇ ਵੀ ਚੰਗੀ ਪਕੜ ਸੀ, ਜਿਨਾਂ ਨੇ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਦੀ ਨਿੱਠ ਕੇ ਪ੍ਰੋੜਤਾ ਕੀਤੀ ਅਤੇ ਪੱਤਰਕਾਰੀ ਦੇ ਪਾਸਾਰ ਤੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਇਆ। ਮੇਜਰ ਸਿੰਘ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਂਤਮਿਕ ਸ਼ਾਂਤੀ ਬਖ਼ਸ਼ਣ।
ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਵੀ ਮੇਜਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੇਜਰ ਸਿੰਘ ਨੂੰ ਨਿੱਡਰ ਤੇ ਨਿਰਪੱਖ ਪੱਤਰਕਾਰੀ ਲਈ ਪਾਠਕ ਹਮੇਸ਼ਾ ਯਾਦ ਰੱਖਣਗੇ।