…. ਕੋਰੋਨਾ ਨਾਲ ਜੂਝ ਰਹੇ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲਾਵਾਰਸ ਛੱਡਿਆ
ਚੰਡੀਗੜ੍ਹ, 16 ਮਈ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਸੰਬੰਧੀ ਕੀਤੀਆਂ ਟਿੱਪਣੀਆਂ ਦੀ ਅਲੋਚਨਾ ਕਰਦਿਆਂ ਪੁੱਛਿਆ ਕਿ ਕੋਰੋਨਾ ਲਈ ਪਿੰਡਾਂ ਦੇ ਲੋਕਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਪਿੰਡਾਂ ਵਿੱਚ ਸਿਹਤ ਸੇਵਾਵਾਂ ਲਈ ਕੀ ਕੀਤਾ? ਉਨ੍ਹਾਂ ਦੋਸ਼ ਲਾਇਆ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲਾਵਾਰਸ ਛੱਡ ਦਿੱਤਾ ਹੈ।
ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਠੀਕਰੀ ਪਹਿਰੇ ਲਾਉਣ ਅਤੇ ਕੋਰੋਨਾ ਪੀੜਤ ਦੇ ਪਿੰਡ ਵਿੱਚ ਨਾ ਆਉਣ ਦੇਣ ਦੇ ਤੁਗਲਕੀ ਫੁਰਮਾਨ ਜਾਰੀ ਕਰਨਾ ਸਿੱਧ ਕਰਦਾ ਹੈ ਕਿ ਮੁੱਖ ਮੰਤਰੀ ਨੂੰ ਪਿੰਡਾਂ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਪਿੰਡਾਂ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਬੰਧ ਕਰਨੇ ਅਤੇ ਪੀੜਤਾਂ ਦਾ ਇਲਾਜ ਕਰਨਾ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਕੈਪਟਨ ਸਰਕਾਰ ਜ਼ਿੰਮੇਵਾਰੀਆਂ ਨਿਭਾਉਣ ‘ਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ।
ਮਾਨ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਵਿੱਚ ਡਾਕਟਰੀ ਸਹੂਲਤ ਨਾਂ ਦੀ ਕੋਈ ਵਿਵਸਥਾ ਹੀ ਹੈ ਨਹੀਂ। ਜਿਥੇ ਕੋਈ ਡਿਸਪੈਂਸਰੀ ਹੈ ਤਾਂ ਉਥੇ ਕੋਈ ਡਾਕਟਰ ਨਹੀਂ ਅਤੇ ਜੇ ਕਿਤੇ ਡਾਕਟਰ ਹੈ ਤਾਂ ਉਥੇ ਕੋਈ ਦਵਾਈਆਂ ਨਹੀਂ, ਕੇਵਲ ਪੈਰਾਸੀਟਾਮੋਲ ਹੈ। ਇਸ ਤਰ੍ਹਾਂ ਪੰਜਾਬ ਦੀਆਂ 60 ਤੋਂ 70 ਫ਼ੀਸਦੀ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਅਣਹੋਂਦ ਹੈ ਤਾਂ ਲੋਕ ਇਲਾਜ ਕਿੱਥੋਂ ਕਰਵਾਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਤੋਂ ਵਿਸ਼ਵਾਸ਼ ਹੀ ਉਠ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇ ਕੋਰੋਨਾ ਬਿਮਾਰੀ ਦਾ ਇਲਾਜ ਕਰਾਉਣ ਸਰਕਾਰੀ ਹਸਪਤਾਲ ਗਏ ਤਾਂ ਕੇਵਲ ਲਾਸ਼ ਬਣ ਕੇ ਹੀ ਉਹ ਵਾਪਸ ਆਉਣਗੇ। ਅਜਿਹੇ ਮਾੜੇ ਹਲਾਤ ਵਿੱਚ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਲਈ ਜਾਣਾ ਪੈਂਦਾ ਹੈ। ਕੁੱਝ ਪ੍ਰਾਈਵੇਟ ਹਸਪਤਾਲ ਕੋਰੋਨਾ ਇਲਾਜ ਦੇ ਨਾਂ ‘ਤੇ ਲੋਕਾਂ ਤੋਂ 70 – 70 ਹਜ਼ਾਰ ਰੁਪਿਆ ਇੱਕ ਇੱਕ ਦਿਨ ਦਾ ਵਸੂਲ ਕਰ ਰਹੇ ਹਨ, ਜੋ ਆਮ ਲੋਕਾਂ ਦੀ ਆਰਥਿਕ ਲੁੱਟ ਹੈ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਾਮਿਲਨਾਡੂ, ਕੇਰਲ ਅਤੇ ਦਿੱਲੀ ਆਦਿ ਰਾਜਾਂ ਤੋਂ ਸਬਕ ਲੈਣ ਲਈ ਵੀ ਕਿਹਾ ਜਿਥੋਂ ਦੀਆਂ ਸਰਕਾਰਾਂ ਨੇ ਕੋਰੋਨਾ ਪੀੜਤਾਂ ਦੇ ਇਲਾਜ ਦੀ ਫੀਸ ਨਿਰਧਾਰਤ ਕੀਤੀ ਹੋਈ ਹੈ।
ਸੂਬਾਈ ਪ੍ਰਧਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਨੇ ਵਾਰੋ ਵਾਰੀਂ ਪੰਜਾਬ ‘ਤੇ ਰਾਜ ਕਰਕੇ ਇਸ ਨੂੰ ਲੁੱਟਿਆ ਅਤੇ ਕੁੱਟਿਆ ਹੈ। ਇਨ੍ਹਾਂ ਸਮਿਆਂ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਦੀਆਂ ਕੁਰਸੀਆਂ ਦਾ ਅਨੰਦ ਮਾਨਣ ਵਾਲਿਆਂ ਨੇ ਪੰਜਾਬ ਵਿੱਚ ਚੰਗਾ ਸਿਹਤ ਸੇਵਾਵਾਂ ਦਾ ਢਾਂਚਾ ਨਹੀਂ ਉਸਾਰਿਆਂ, ਸਗੋਂ ਆਪਣੇ ਹਿਤੈਸ਼ੀਆਂ ਨੂੰ ਪ੍ਰਾਈਵੇਟ ਹਸਪਤਾਲ ਉਸਾਰਨ ਲਈ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਲੋਕਾਂ ਦੀ ਸੁਰੱਖਿਆ ਅਤੇ ਇਲਾਜ ਵੱਲ ਕੋਈ ਧਿਆਨ ਨਹੀਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਅਤੇ ਆਗੂ ਕੁਰਸੀ ਬਚਾਉਣ ਆਪਸ ਵਿੱਚ ਝਗੜ ਰਹੇ ਹਨ। ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਆਪਸੀ ਕਾਟੋ ਕਲੇਸ਼ ਨੂੰ ਛੱਡ ਕੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀ ਸਾਰ ਲੈਣ।