ਨਵੀਂ ਦਿੱਲੀ, 14 ਅਪ੍ਰੈਲ 2021 – ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ ਬੀ ਐਸ ਈ) ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਪੋਸਟਪੋਨ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਬੋਰਡ ਵੱਲੋਂ 1 ਜੂਨ ਨੂੰ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸੀਬੀਐਸਈ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਜਾਂ ਅੱਗੇ ਵਧਾਉਣ ਦੀਆਂ ਮੰਗਾਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਬੈਠਕ ਦੇ ਫੈਸਲੇ ਤੋਂ ਬਾਅਦ ਹੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਪੋਸਟਪੋਨ ਕਰਨ ਦਾ ਐਲਾਨ ਕੀਤਾ।
ਇਸ ਤੋਂ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਸੀ ਅਤੇ ਪੇਪਰ ਰੱਦ ਕਰਨ ਲਈ ਸੈਂਟਰ ਨੂੰ ਪੱਤਰ ਲਿਖਿਆ ਸੀ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾਵਾਂ ਨੇ ਕੋਰੋਨਾ ਵਾਇਰਸ ਕਾਰਨ ਸੀਬੀਐਸਈ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਸੀ।